ਹਾਈਕੋਰਟ ਅੰਦਰ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ November 21, 2023 ਹਾਈਕੋਰਟ ਅੰਦਰ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ ਐਸਜੀਪੀਸੀ ਪ੍ਰਧਾਨ ਧਾਮੀ ਨੇ ਅਜਿਹੇ ਵਰਤਾਰੇ ਦੀ ਕੀਤੀ ਸਖਤ ਨਿੰਦਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਮੌਕੇ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਵਿਚੋਂ ਦੋ ਸਿੱਖ ਉਮੀਦਵਾਰ ਵਕੀਲਾਂ ਨੂੰ ਬਾਹਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਨੂੰ ਸਿੱਖਾਂ ਨਾਲ ਵਿਤਕਰਾ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੋਹਾਂ ਸਿੱਖ ਜੱਜਾਂ ਦੀ ਨਿਯੁਕਤੀ ਤੁਰੰਤ ਕਰੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਇਸ ਮਾਮਲੇ ’ਤੇ ਸਖ਼ਤ ਟਿੱਪਣੀ ਕਰਨੀ ਕੇਂਦਰ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਦੀ ਹੈ। ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਇਹ ਸਪੱਸ਼ਟ ਕਰੇ ਕਿ ਸੀਨੀਅਰ ਸਿੱਖ ਵਕੀਲਾਂ ਨੂੰ ਕਿਸ ਨੀਤੀ ਤਹਿਤ ਬਾਹਰ ਰੱਖਿਆ ਗਿਆ ਹੈ, ਜਦਕਿ ਪੰਜਾਂ ਵਿਚੋਂ ਬਾਕੀ ਤਿੰਨਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਮੋਹਰੀ ਹੋ ਕੇ ਹਮੇਸ਼ਾ ਯੋਗਦਾਨ ਪਾਇਆ ਹੈ, ਪਰ ਉਨ੍ਹਾਂ ਦੇ ਹੱਕਾਂ ਨੂੰ ਅਕਸਰ ਦਬਾਉਣ ਦੀਆਂ ਖ਼ਬਰਾਂ ਆਉਂਦੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੱਜਾਂ ਦੀ ਨਿਯੁਕਤੀ ਸੰਬੰਧੀ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਨੂੰ ਹੂਬਹੂ ਲਾਗੂ ਕਰਕੇ ਸੀਨੀਅਰ ਸਿੱਖ ਵਕੀਲ ਹਰਮੀਤ ਸਿੰਘ ਗਰੇਵਾਲ ਅਤੇ ਦੀਪਿੰਦਰ ਸਿੰਘ ਦੀ ਨਿਯੁਕਤੀ ਕੀਤੀ ਜਾਵੇ। 2023-11-21 Parvasi Chandigarh Share Facebook Twitter Google + Stumbleupon LinkedIn Pinterest