Breaking News
Home / ਹਫ਼ਤਾਵਾਰੀ ਫੇਰੀ / ਕਿਸਾਨਾਂ ਵੱਲੋਂ ਹੁਣ ਚੰਡੀਗੜ੍ਹ ਮੋਰਚੇ ਦੀ ਤਿਆਰੀ

ਕਿਸਾਨਾਂ ਵੱਲੋਂ ਹੁਣ ਚੰਡੀਗੜ੍ਹ ਮੋਰਚੇ ਦੀ ਤਿਆਰੀ

ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਕੀਤੇ ਸੰਘਰਸ਼ ਦੀ ਤਰਜ਼ ‘ਤੇ ਦਿੱਤਾ ਜਾਵੇਗਾ ਧਰਨਾ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਤਿੰਨ ਰੋਜ਼ਾ ਪ੍ਰਦਰਸ਼ਨ ਦੀ ਰੂਪ-ਰੇਖਾ ਉਲੀਕੀ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਚਲਾਏ ਲੰਮੇ ਸੰਘਰਸ਼ ਦੀ ਤਰਜ਼ ‘ਤੇ ਚੰਡੀਗੜ੍ਹ ਵਿੱਚ ਮੋਰਚੇ ਦੀ ਤਿਆਰੀ ਖਿੱਚ ਲਈ ਹੈ। ਜਥੇਬੰਦੀਆਂ ਨੇ ਬੁੱਧਵਾਰ ਨੂੰ ਚੰਡੀਗੜ੍ਹ ‘ਚ ਮੀਟਿੰਗ ਕਰਕੇ 26 ਤੋਂ 28 ਨਵੰਬਰ ਤੱਕ ਰਾਜਧਾਨੀ ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੀ ਰੂਪ-ਰੇਖਾ ਐਲਾਨੀ ਹੈ। ਹਰਿੰਦਰ ਸਿੰਘ ਲੱਖੋਵਾਲ, ਜੋਗਿੰਦਰ ਸਿੰਘ ਉਗਰਾਹਾਂ ਅਤੇ ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਮੀਡੀਆ ਨੂੰ ਦੱਸਿਆ ਕਿ ਕਿਸਾਨ ‘ਆਈਸਰ ਚੌਕ’ ਤੋਂ ਟ੍ਰਿਬਿਊਨ ਚੌਕ ਵਾਲੀ ਸੜਕ ‘ਤੇ ਆਉਣਗੇ। ਕਿਸਾਨਾਂ ਵੱਲੋਂ ਰਾਸ਼ਨ ਇਕੱਠਾ ਕੀਤਾ ਜਾ ਰਿਹਾ ਹੈ ਤੇ ਸਾਰੇ ਪੰਜਾਬ ਤੋਂ ਟਰੈਕਟਰ ਟਰਾਲੀਆਂ ਰਾਹੀਂ ਕਿਸਾਨ 25 ਨਵੰਬਰ ਨੂੰ ਹੀ ਚੰਡੀਗੜ੍ਹ ਵੱਲ ਰਵਾਨਾ ਹੋਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਦਿੱਲੀ ਮੋਰਚੇ ਵੇਲੇ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ। ਇਸ ਲਈ ਸੰਯੁਕਤ ਕਿਸਾਨ ਮੋਰਚਾ, ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਇਹ ਪ੍ਰਦਰਸ਼ਨ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕਰੇਗਾ ਕਿ ਸਾਰੀਆਂ ਫਸਲਾਂ ਲਈ ਐੱਮਐੱਸਪੀ, ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਖਰੀਦ ਦੀ ਗਾਰੰਟੀ, ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਰੱਦ ਕਰਨ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਅਹੁਦੇ ਤੋਂ ਬਰਖਾਸਤ ਕਰਨ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ‘ਤੇ ਬਣਾਏ ਕੇਸ ਰੱਦ ਕਰਨ, ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰਨ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ, ਨਿਊਜ਼ਕਲਿੱਕ ਖਿਲਾਫ ਦਰਜ ਐੱਫਆਈਆਰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।
ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਅਤੇ ਗੜ੍ਹੇਮਾਰੀ ਕਾਰਨ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤੇ ਜਾਣ, ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ ਐੱਮਐੱਸਪੀ ‘ਤੇ ਖਰੀਦ ਯਕੀਨੀ ਬਣਾਉਣ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਬਕਾਇਆ ਜਾਰੀ ਕਰਨ। ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣ ਦੇ ਮਾਮਲਿਆਂ ਨੂੰ ਉਭਾਰਿਆ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਸਬੰਧਤ ਮੰਗ ਪੱਤਰ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਜਾਵੇਗਾ।
ਪੰਜ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਦੀ ਹਮਾਇਤ
ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕੁੱਲ ਹਿੰਦ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 26 ਤੋਂ 28 ਨਵੰਬਰ ਤੱਕ ਦਿੱਤੇ ਜਾ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਦੀ ਹਮਾਇਤ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਦੱਸਿਆ ਕਿ ਪੰਜਾਂ ਜਥੇਬੰਦੀਆਂ ਦੇ ਆਗੂਆਂ ਦੀ ਵਰਚੁਅਲ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ ਕਿ ਜਥੇਬੰਦੀਆਂ 26 ਤੋਂ 28 ਨਵੰਬਰ ਦੇ ਪ੍ਰੋਗਰਾਮ ਵਿੱਚ ਸੰਕੇਤਕ ਸ਼ਮੂਲੀਅਤ ਕਰਨਗੀਆਂ।
ਜਲੰਧਰ ‘ਚ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
ਜਲੰਧਰ : ਜਲੰਧਰ ਵਿਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ‘ਤੇ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਲਗਾਇਆ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਗੰਨੇ ਦੇ ਭਾਅ ਵਿਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਪੀਏਪੀ ਚੌਕ ਤੋਂ ਥੋੜ੍ਹੀ ਦੂਰ ਧੰਨੋਵਾਲੀ ਫਾਟਕ ‘ਤੇ ਇਹ ਧਰਨਾ ਲਗਾਇਆ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਜਦੋਂ ਕਿ ਸਰਕਾਰ ਗੰਨੇ ਦੇ ਭਾਅ ਵਿਚ ਵਾਧਾ ਕਰਨ ਦੀ ਮੰਗ ਨਹੀਂ ਮੰਨਦੀ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ। ਇਸ ਧਰਨੇ ਨੂੰ ਲੈ ਕੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੇ ਅੱਜ ਜਲੰਧਰ ਵਿਚ ਰੇਲਾਂ ਵੀ ਰੋਕੀਆਂ, ਜਿਸ ਕਾਰਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਧਿਆਨ ਰਹੇ ਕਿ ਇਨ੍ਹਾਂ ਧਰਨਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ‘ਤੇ ਤਿੱਖਾ ਨਿਸ਼ਾਨਾ ਵੀ ਸਾਧਿਆ ਸੀ । ਉਨ੍ਹਾਂ ਕਿਹਾ ਸੀ ਕਿ ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ‘ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਖਿਲਾਫ ਨਾ ਕਰੋ। ਸੀਐਮ ਨੇ ਇਹ ਵੀ ਕਿਹਾ ਸੀ ਕਿ ਜੇ ਕਿਸਾਨਾਂ ਦਾ ਇਹੀ ਰਵੱਈਆ ਰਿਹਾ ਤਾਂ ਯੂਨੀਅਨਾਂ ਵਾਲਿਆਂ ਨੂੰ ਧਰਨੇ ਲਗਾਉਣ ਲਈ ਬੰਦੇ ਨਹੀਂ ਲੱਭਣੇ।
ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਸੜਕਾਂ ਨਾ ਰੋਕਣ ਦੀ ਅਪੀਲ
ਕਿਸਾਨਾਂ ਵੱਲੋਂ ਗੰਨੇ ਦਾ ਭਾਅ ਵਧਾਉਣ ਤੇ ਹੋਰਨਾਂ ਮੰਗਾਂ ਸਬੰਧੀ ਕੌਮੀ ਮਾਰਗ ਜਾਮ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਨੂੰ ਅਹਿਮ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਤੋਂ ਖੱਜਲ ਖੁਆਰ ਨਾ ਕਰਨ । ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਨੇ ‘ਐਕਸ’ ‘ਤੇ ਟਵੀਟ ਕਰਕੇ ਕੀਤਾ ਹੈ। ਮਾਨ ਨੇ ਕਿਹਾ ਕਿ ਜੇ ਕਿਸਾਨਾਂ ਨੇ ਮੰਗਾਂ ਪੂਰੀਆਂ ਨਾ ਹੋਣ ‘ਤੇ ਸੜਕਾਂ ਜਾਮ ਕਰਨ ਦੀ ਰਵਾਇਤ ਬੰਦ ਨਾ ਕੀਤੀ ਤਾਂ ਇੱਕ ਦਿਨ ਅਜਿਹਾ ਆਵੇਗਾ ਜਦੋਂ ਲੋਕ ਉਨ੍ਹਾਂ ਪ੍ਰਤੀ ਹਮਦਰਦੀ ਦਿਖਾਉਣੀ ਬੰਦ ਕਰ ਦੇਣਗੇ।
ਮੁੱਖ ਮੰਤਰੀ ਦਾ ਰਵੱਈਆ ਕਿਸਾਨ ਵਿਰੋਧੀ ਤੇ ਗੈਰਜ਼ਿੰਮੇਵਾਰਾਨਾ ਕਰਾਰ
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਵੱਈਏ ਨੂੰ ਕਿਸਾਨ ਵਿਰੋਧੀ, ਕਿਸਾਨ ਮੁੱਦਿਆਂ ਦੇ ਵਿਰੋਧੀ ਅਤੇ ਗੈਰਜ਼ਿੰਮੇਵਾਰਾਨਾ ਕਰਾਰ ਦਿੱਤਾ ਹੈ। ਐੱਸਕੇਐੱਮ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਕਿਸਾਨਾਂ ਨਾਲ ਵਾਅਦੇ ਕਰਕੇ ਆਏ ਸਨ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਕਿਸੇ ਨੂੰ ਧਰਨੇ ਲਗਾਉਣ ਦੀ ਲੋੜ ਨਹੀਂ ਪਵੇਗੀ, ਪਰ ਮੁੱਖ ਮੰਤਰੀ ਬਣਦੇ ਹੀ ਕਿਸਾਨਾਂ ਦੇ ਮਸਲੇ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦੇ ਦਰਵਾਜ਼ੇ ਹਰ ਆਮ ਬੰਦੇ ਲਈ ਖੁੱਲ੍ਹੇ ਹਨ, ਪਰ ਹਾਲੇ ਤੱਕ ਉਨ੍ਹਾਂ ਨੇ ਕਿਸਾਨੀ ਦੇ ਮੁੱਦਿਆਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਕੋਈ ਮੀਟਿੰਗ ਨਹੀਂ ਕੀਤੀ।ਇਸ ਦਾ ਜਵਾਬ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਿਸਾਨ ਜ਼ਰੂਰ ਦੇਣਗੇ।

 

 

 

 

Check Also

ਜਸਟਿਨ ਟਰੂਡੋ ਮੁੜ ਸਰਕਾਰ ਬਚਾਉਣ ‘ਚ ਹੋਏ ਸਫਲ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਕ ਵਾਰ ਆਪਣੀ ਸਰਕਾਰ ਬਚਾਉਣ ਵਿਚ …