ਚੋਣਾਂ ਜਿੱਤਣ ਲਈ ਹਰ ਪੱਧਰ ‘ਤੇ ਕੋਸ਼ਿਸ਼ਾਂ : ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਦੇ ਮੰਤਵ ਨਾਲ ਹਰੇਕ ਪੱਧਰ ‘ਤੇ ਪੂਰੇ ਜ਼ੋਰ-ਸ਼ੋਰ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ 28 ਫਰਵਰੀ ਨੂੰ ਕੀਤੇ ਜਾਣ ਦੀ ਉਮੀਦ ਹੈ। ਪਾਰਟੀ ਨੇ ਬੂਥ ਪੱਧਰ ‘ਤੇ ਵਾਲੰਟੀਅਰਾਂ ਦੀਆਂ ਟੀਮਾਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਗਾਇਕ ਹੰਸ ਰਾਜ ਹੰਸ ਨੂੰ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਦਲਿਤਾਂ ਅਤੇ ਕਲਾਕਾਰਾਂ ਵਿੱਚ ਹੁਲਾਰਾ ਮਿਲੇਗਾ। ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਬੂਥ ਪੱਧਰ ‘ਤੇ 20-20 ਵਾਲੰਟੀਅਰਾਂ ਦੀਆਂ ਟੀਮਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਜਥੇਬੰਦਕ ਢਾਂਚੇ ਵਿੱਚ ਤਬਦੀਲੀ ਦੀ ਥਾਂ ‘ਤੇ ਇਸ ਵਿਚ ਸਿਰਫ਼ ਵਾਧਾ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਤਿੰਨ, ਚਾਰ ਆਗੂ ਹੋਰ ਸ਼ਾਮਲ ਕੀਤੇ ਜਾਣਗੇ ਅਤੇ ਸੂਬਾਈ ਕਾਰਜਕਾਰਨੀ ਤੇ ਅਹੁਦੇਦਾਰਾਂ ਵਿੱਚ ਕੁਝ ਆਗੂਆਂ ਨੂੰ ਸ਼ਾਮਲ ਕੀਤਾ ਜਾਵੇਗਾ। ਵਿਧਾਇਕ ਦਲ ਦੇ ਸਾਬਕਾ ਆਗੂ ਸੁਨੀਲ ਜਾਖੜ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਤਰਜਮਾਨ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਕਿਸਾਨਾਂ, ਨੌਜਵਾਨਾਂ, ਵਪਾਰੀਆਂ, ਦਲਿਤਾਂ ਅਤੇ ਸਾਬਕਾ ਫੌਜੀਆਂ ਦੇ ਮੁੱਦਿਆਂ ਉਪਰ ਧਿਆਨ ਕੇਂਦਰਤ ਕਰ ਰਹੀ ਹੈ ਅਤੇ ਹਰੇਕ ਕਸਬੇ ਤੇ ਸ਼ਹਿਰ ਵਿੱਚ ਨੌਜਵਾਨਾਂ ਤੇ ਵਿਦਿਆਰਥੀਆਂ ਨਾਲ ਉਚੇਚੇ ਤੌਰ ‘ਤੇ ਸੰਵਾਦ ਰਚਾਇਆ ਜਾ ਰਿਹਾ ਹੈ।
ਬੇਰੁਜ਼ਗਾਰੀ ਨੂੰ ਬਹੁਤ ਵੱਡਾ ਮੁੱਦਾ ਦੱਸਦਿਆਂ ਕੈਪਟਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਪਿੱਛੋਂ ਉਹ ਸਨਅਤਾਂ ਨੂੰ ਜ਼ਮੀਨਾਂ ਦੇਣ ਲਈ ਲੈਂਡ ਪੂਲ ਬਣਾਉਣਗੇ ਅਤੇ ਉਸੇ ਭਾਅ ‘ਤੇ ਜ਼ਮੀਨਾਂ ਦੇਣਗੇ ਜਿਹੜੇ ਭਾਅ ‘ਤੇ ਦੂਜੇ ਸੂਬੇ ਦਿੰਦੇ ਹਨ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …