-6.7 C
Toronto
Wednesday, February 4, 2026
spot_img
Homeਪੰਜਾਬਸਿੱਖ ਵਕੀਲਾਂ ਦੀ ਜੱਜਾਂ ਵਜੋਂ ਨਿਯੁਕਤੀ ਲਈ ਸੁਖਬੀਰ ਨੇ ਪ੍ਰਧਾਨ ਮੰਤਰੀ ਦਾ...

ਸਿੱਖ ਵਕੀਲਾਂ ਦੀ ਜੱਜਾਂ ਵਜੋਂ ਨਿਯੁਕਤੀ ਲਈ ਸੁਖਬੀਰ ਨੇ ਪ੍ਰਧਾਨ ਮੰਤਰੀ ਦਾ ਦਖ਼ਲ ਮੰਗਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜੱਜ ਵਜੋਂ ਨਿਯੁਕਤੀ ਕਰਨ ਦੀ ਸਿਫਾਰਸ਼ ਦੇ ਮਾਮਲੇ ਵਿੱਚ ਦਖ਼ਲ ਦੇ ਕੇ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਦੋ ਵਕੀਲਾਂ ਹਰਮੀਤ ਸਿੰਘ ਗਰੇਵਾਲ ਅਤੇ ਦੀਪਿੰਦਰ ਸਿੰਘ ਨਲਵਾ ਦੀ ਨਿਯੁਕਤੀ ਕੇਂਦਰ ਸਰਕਾਰ ਨੇ ਰੋਕ ਲਈ ਜਦਕਿ ਤਿੰਨ ਹੋਰਨਾਂ ਦੀ ਕੀਤੀ ਗਈ ਸਿਫਾਰਸ਼ ਨੂੰ ਪ੍ਰਵਾਨ ਕਰਦਿਆਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ।
ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸਿੱਖ ਕੌਮ ਅਤੇ ਹੋਰ ਘੱਟ ਗਿਣਤੀਆਂ ਨਾਲ ਕੋਈ ਵਿਤਕਰਾ ਨਾ ਹੋਵੇ ਤੇ ਉਨ੍ਹਾਂ ਦੀ ਹਾਈ ਕੋਰਟਾਂ ਵਿੱਚ ਜੱਜ ਵਜੋਂ ਨਿਯੁਕਤੀ ਹੋਵੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਹੈ ਕਿ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਆਪਣੀ ਮਰਜ਼ੀ ਮੁਤਾਬਕ ਚੁਣ ਚੁਣ ਕੇ ਫੈਸਲੇ ਲੈ ਰਹੀ ਹੈ ਜੋ ਕਿ ਬੇਹੱਦ ਪ੍ਰੇਸ਼ਾਨ ਕਰਨ ਵਾਲਾ ਹੈ ਅਤੇ ਇਸ ਨਾਲ ਸਿੱਖ ਕੌਮ ਪ੍ਰਤੀ ਸਰਕਾਰ ਦੀ ਮਨਸ਼ਾ ਬਾਰੇ ਗਲਤ ਸੰਦੇਸ਼ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਵਿਤਕਰਾ ਪਹਿਲਾਂ ਵੀ ਹੋਇਆ ਹੈ। ਬਾਦਲ ਨੇ ਕਿਹਾ ਕਿ ਸੁਪਰੀਮ ਕੋਰਟ ਕੌਲਿਜੀਅਮ ਦੀ ਸਿਫਾਰਸ਼ ਨੂੰ ਮੰਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰੇਵਾਲ ਅਤੇ ਨਲਵਾ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਹੋਣੀ ਚਾਹੀਦੀ ਹੈ।

 

RELATED ARTICLES
POPULAR POSTS