1.7 C
Toronto
Saturday, November 15, 2025
spot_img
Homeਪੰਜਾਬਸ਼੍ਰੋਮਣੀ ਕਮੇਟੀ ਵਿਦੇਸ਼ ਮੰਤਰੀ ਤੇ ਪਾਕਿਸਤਾਨ ਨੂੰ ਕਰੇਗੀ ਸ਼ਿਕਾਇਤ

ਸ਼੍ਰੋਮਣੀ ਕਮੇਟੀ ਵਿਦੇਸ਼ ਮੰਤਰੀ ਤੇ ਪਾਕਿਸਤਾਨ ਨੂੰ ਕਰੇਗੀ ਸ਼ਿਕਾਇਤ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਮਰਿਆਦਾ ਦੀ ਉਲੰਘਣਾ ਦਾ ਮਾਮਲਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਕਰਵਾਏ ਪ੍ਰੋਗਰਾਮ ਦੌਰਾਨ ਮਰਿਆਦਾ ਦੀ ਉਲੰਘਣਾ ਦੀ ਵਾਪਰੀ ਘਟਨਾ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ, ਪਾਕਿਸਤਾਨ ਸਰਕਾਰ ਦੇ ਸਬੰਧਤ ਮੰਤਰਾਲੇ ਅਤੇ ਔਕਾਫ਼ ਬੋਰਡ ਨੂੰ ਸ਼ਿਕਾਇਤ ਕੀਤੀ ਜਾਵੇਗੀ। ਇਸ ਦੌਰਾਨ ਸਿੱਖ ਜਥੇਬੰਦੀਆਂ ਵਿੱਚ ਇਸ ਮਾਮਲੇ ਨੂੰ ਲੈ ਕੇ ਰੋਸ ਹੈ।
ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੀ ਇਸ ਮਾਮਲੇ ਦੀ ਨਿੰਦਾ ਕੀਤੀ ਗਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਕਿ ਗੁਰੂਘਰ ਨੇੜੇ ਸਿੱਖ ਭਾਵਨਾਵਾਂ ਵਿਰੁੱਧ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਪਾਕਿਸਤਾਨ ਸਰਕਾਰ ਦੇ ਸਬੰਧਤ ਮੰਤਰਾਲੇ ਅਤੇ ਔਕਾਫ਼ ਬੋਰਡ ਨੂੰ ਪੱਤਰ ਲਿਖਿਆ ਜਾ ਰਿਹਾ ਹੈ।
ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨੀ ਅਧਿਕਾਰੀਆਂ ਨੂੰ ਸਿੱਖ ਭਾਵਨਾਵਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਰਤਾਰਪੁਰ ਲਾਂਘੇ ‘ਤੇ ਲਾਈ ਫੀਸ ਦਾ ਵੀ ਵਿਰੋਧ ਕੀਤਾ ਹੈ ਅਤੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਦੀ ਵੀ ਨਿੰਦਾ ਕੀਤੀ।
ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਨੂੰ ਪੱਤਰ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਵਾਪਰੀ ਬੇਅਦਬੀ ਦੀ ਘਟਨਾ ਖਿਲਾਫ ਪਾਕਿਸਤਾਨ ਹਾਈ ਕਮਿਸ਼ਨ ਕੋਲ ਰੋਸ ਪ੍ਰਗਟ ਕਰਦਿਆਂ ਹਾਈ ਕਮਿਸ਼ਨ ਨੂੰ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਚੁੱਕਣ ਲਈ ਆਖਿਆ ਹੈ ਤਾਂ ਜੋ ਮੁਲਜ਼ਮਾਂ ਨੂੰ ਸਜ਼ਾ ਦਿੱਤੀ ਜਾ ਸਕੇ। ਪਾਕਿਸਤਾਨ ਹਾਈ ਕਮਿਸ਼ਨ ਵਿਚਲੇ ਚਾਰਜ ਡੀ ਅਫੇਅਰਜ਼ ਅਜ਼ੀਜ਼ ਖਾਨ ਨੂੰ ਲਿਖੇ ਪੱਤਰ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸ਼ਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ 18 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਕੰਪਲੈਕਸ ਵਿੱਚ ਹੋਈ ਪਾਰਟੀ ਖਿਲਾਫ ਰੋਸ ਪ੍ਰਗਟਾਇਆ ਹੈ।
ਪੱਤਰ ਵਿੱਚ ਦੱਸਿਆ ਗਿਆ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿੱਚ ਬੇਅਦਬੀ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਅਖ਼ਬਾਰਾਂ ਵਿੱਚ ਆਈਆਂ ਖ਼ਬਰਾਂ ਮੁਤਾਬਕ ਇਹ ਪਾਰਟੀ ਪੀਐੱਮਯੂ ਕਰਤਾਰਪੁਰ ਸਾਹਿਬ ਦੇ ਸੀਈਓ ਸਈਦ ਅਬੂ ਬਕਰ ਕੁਰੈਸ਼ੀ ਨੇ 18 ਨਵੰਬਰ ਨੂੰ ਦਿੱਤੀ ਸੀ। ਇਸ ਵਿੱਚ ਡਿਪਟੀ ਕਮਿਸ਼ਨਰ ਨਾਰੋਵਾਲ, ਜ਼ਿਲ੍ਹਾ ਪੁਲਿਸ ਅਫ਼ਸਰ ਨਾਰੋਵਾਲ ਸਣੇ 80 ਦੇ ਕਰੀਬ ਵਿਅਕਤੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਬੇਅਦਬੀ ਹੋਈ ਹੋਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਅਨੇਕਾਂ ਵਾਰ ਬੇਨਤੀਆਂ ਕਰਨ ਦੇ ਬਾਵਜੂਦ ਕਥਿਤ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਆਰੋਪ ਲਾਇਆ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਮੌਜੂਦਾ ਮੈਨੇਜਮੈਂਟ ਜ਼ਿੰਮੇਵਾਰ ਹੈ।

RELATED ARTICLES
POPULAR POSTS