‘ਆਪ’ ਆਗੂ ਸੰਜੇ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧੀ
ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤਿੰਦਰ ਜੈਨ ਦੀ ਅੰਤਿ੍ਰਮ ਜ਼ਮਾਨਤ ’ਚ ਵੀ ਹੋਇਆ ਵਾਧਾ
ਨਵੀਂ ਦਿੱਲੀ/ਬਿਊਰੋ ਨਿਊਜ਼ :
ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅੱਜ ਜੁਡੀਸ਼ੀਅਲ ਕਸਟਡੀ ਖਤਮ ਹੋਣ ਤੋਂ ਬਾਅਦ ਅਦਾਲਤ ’ਚ ਪੇਸ਼ ਕੀਤਾ ਗਿਆ। ਜਿੱਥੇ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ‘ਆਪ’ ਆਗੂ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ਨੂੰ 4 ਦਸੰਬਰ 2023 ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਲੰਘੀ 10 ਨਵੰਬਰ ਨੂੰ ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ਵਿਚ ਸੰਜੇ ਸਿੰਘ ਨੂੰ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦੀ ਨਿਆਂਇਕ ਹਿਰਾਸਤ ਨੂੰ 24 ਨਵੰਬਰ ਤੱਕ ਵਧਾ ਦਿੱਤਾ ਗਿਆ ਸੀ। ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਸੰਜੇ ਸਿੰਘ ਪਿਛਲੇ 52 ਦਿਨਾਂ ਤੋਂ ਹਿਰਾਸਤ ਵਿਚ ਹਨ ਅਤੇ ਉਨ੍ਹਾਂ ਨੂੰ 4 ਅਕਤੂਬਰ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ 5 ਅਕਤੂਬਰ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਜਿੱਥੋਂ ਸੰਜੇ ਸਿੰਘ ਨੂੰ 10 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ। ਉਧਰ ਮਨੀ ਲਾਂਡਰਿੰਗ ਦੇ ਮਾਮਲੇ ’ਚ ਜ਼ਮਾਨਤ ’ਤੇ ਚੱਲ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤਿੰਦਰ ਜੈਨ ਦੀ ਅੰਤਿ੍ਰਮ ਜ਼ਮਾਨਤ ਸੁਪਰੀਮ ਕੋਰਟ ਨੇ 4 ਦਸੰਬਰ ਤੱਕ ਵਧਾ ਦਿੱਤੀ ਹੈ। ਮਾਮਲੇ ਦੀ ਦੇਖ-ਰੇਖ ਕਰ ਰਹੇ ਜਸਟਿਸ ਏ ਐਸ ਬੋਪੰਨਾ ਅੱਜ ਬੈਂਚ ’ਚ ਮੌਜੂਦ ਨਹੀਂ ਸਨ, ਜਿਸ ਦੇ ਚਲਦਿਆਂ ਦੀ ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ ਅਤੇ ਇਸੇ ਦਿਨ ਜੈਨ ਦੀ ਰੈਗੂਲਰ ਜ਼ਮਾਨਤ ’ਤੇ ਵੀ ਸੁਣਵਾਈ ਹੋਣੀ ਹੈ।