ਐਸਜੀਪੀਸੀ ਨੂੰ ਜਾਂਚ ਕਰਨ ਦੇ ਦਿੱਤੇ ਹੁਕਮ, ਇਕ ਹਫ਼ਤੇ ’ਚ ਰਿਪੋਰਟ ਸੌਂਪਣ ਲਈ ਕਿਹਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ’ਚ ਹੋਏ ਟਕਰਾਅ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸੁਲਤਾਨਪੁਰ ਲੋਧੀ ’ਚ ਨਿਹੰਗ ਸਿੰਘਾਂ ਦਰਮਿਆਨ ਹੋਇਆ ਟਕਰਾਅ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਦੁਨੀਆ ਭਰ ’ਚ ਵਸਦੇ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ। ਇਸ ਘਟਨਾ ਸਬੰਧੀ ਗੰਭੀਰਤਾ ਨਾਲ ਐਕਸ਼ਨ ਲੈਂਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਸਜੀਪੀਸੀ ਨੂੰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਇਕ ਹਫ਼ਤੇ ’ਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਧਿਆਨ ਰਹੇ ਕਿ ਦੋ ਨਿਹੰਗ ਸਿੰਘ ਜਥੇਬੰਦੀਆਂ ਦਰਮਿਆਨ ਗੁਰਦੁਆਰਾ ਸਾਹਿਬ ’ਤੇ ਕਬਜ਼ੇ ਨੂੰ ਲੈ ਕੇ ਟਕਰਾਅ ਹੋਇਆ ਅਤੇ ਇਸ ਦੌਰਾਨ ਪੁਲਿਸ ਅਤੇ ਨਿਹੰਗ ਸਿੰਘ ਦਰਮਿਆਨ ਫਾਈਰਿੰਗ ਵੀ ਹੋਈ ਅਤੇ ਇਸ ਫਾਈਰਿੰਗ ਦੌਰਨ ਇਕ ਹੋਮਗਾਰਡ ਦਾ ਜਵਾਨ ਵੀ ਮਾਰਿਆ ਗਿਆ ਜਦਕਿ ਕਈ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ।