ਕਿਹਾ : ਸਰਕਾਰ ਜਲਦੀ ਹੀ ਵਧਾ ਸਕਦੀ ਹੈ ਗੰਨੇ ਦਾ ਭਾਅ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ਼ੂਗਰਕੇਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਲੰਘੇ ਦਿਨੀਂ ਕਿਸਾਨਾਂ ਨੂੰ ਗੰਨੇ ਦਾ ਭਾਅ ਵਧਾਉਣ ਦੇ ਦਿੱਤੇ ਭਰੋਸੇ ਮਗਰੋਂ ਮੁੱਖ ਮੰਤਰੀ ਵੱਲੋਂ ਇਹ ਮੀਟਿੰਗ ਸੱਦੀ ਗਈ ਸੀ। ਸ਼ੂਗਰਕੇਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੁੱਖ ਮੰਤਰੀ ਦੀ ਹੋਈ ਮੀਟਿੰਗ ਦੌਰਾਨ ਗੰਨੇ ਦਾ ਭਾਅ ਵਧਾਉਣ ਦਾ ਫੈਸਲਾ ਕੀਤਾ ਜਾ ਚੁੱਕਿਆ ਹੈ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਐਲਾਨ ਕੀਤਾ ਜਾ ਸਕਦਾ ਹੈ। ਅੱਜ ਦੀ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੀ ਆਯੋਜਿਤ ਕੀਤੀ ਗਈ, ਜਿਸ ’ਚ ਸ਼ੂਗਰ ਮਿੱਲ ਦੇ ਮਾਲਕਾਂ ਨੇ ਵੀ ਹਿੱਸਾ ਲਿਆ। ਲੰਘੇ ਦਿਨੀਂ ਪੰਜਾਬ ਦੇ ਕਿਸਾਨਾਂ ਵੱਲੋਂ ਗੰਨੇ ਦਾ ਭਾਅ ਵਧਾਉਣ ਲਈ ਸੰਘਰਸ਼ ਕਰਦੇ ਹੋਏ ਪੰਜਾਬ ਸਰਕਾਰ ਸਾਹਮਣੇ ਇਹ ਮੰਗ ਰੱਖੀ ਸੀ। ਮੁੱਖ ਮੰਤਰੀ ਦੀ ਕਿਸਾਨਾਂ ਨਾਲ ਹੋਈ ਮੀਟਿੰਗ ਦੌਰਾਨ ਕਿਸਾਨਾਂ ਨੂੰ ਗੰਨੇ ਦਾ ਭਾਅ ਜਲਦੀ ਹੀ ਵਧਾਉਣ ਦਾ ਭਰੋਸਾ ਦਿੱਤਾ ਸੀ। ਸੀਐਮ ਮਾਨ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਨੂੰ ਪੂਰੇ ਭਾਰਤ ਵਿਚੋਂ ਗੰਨੇ ਦਾ ਭਾਅ ਜ਼ਿਆਦਾ ਦਿੱਤਾ ਜਾਂਦਾ ਹੈ ਅਤੇ ਇਸ ਨੂੰ ਅੱਗੇ ਤੋਂ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਪੰਜਾਬ ’ਚ ਪਹਿਲਾਂ ਗੰਨੇ ਦਾ ਭਾਅ ਸਭ ਤੋਂ ਵੱਧ 380 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਂਦਾ ਸੀ ਜਦਕਿ ਲੰਘੇ ਦਿਨੀਂ ਹਰਿਆਣਾ ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ 386 ਰੁਪਏ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੇ ਗੰਨੇ ਦਾ ਭਾਅ ਵਧਾਉਣ ਦੀ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਸੀ।