ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਾਵਨ ਸਰੂਪ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿੱਚ ਆਪਣੀ ਹਾਜ਼ਰੀ ਲਗਵਾਈ। ਨਗਰ ਕੀਰਤਨ ਦੇ ਰਾਹ ਵਿੱਚ ਸੰਗਤ ਵੱਲੋਂ ਕਈ ਥਾਈਂ ਲੰਗਰ ਲਗਾ ਕੇ ਸੇਵਾ ਕੀਤੀ ਗਈ। ਜ਼ਿਕਰਯੋਗ ਹੈ ਕਿ ਭਲਕੇ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ।