
ਕਿਹਾ : ਪੰਜਾਬ ਸਰਕਾਰ ਨਸ਼ਾ ਖਤਮ ਕਰਨ ’ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿਚ ਫੈਲ ਰਹੇ ਨਸ਼ੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖਿਲਾਫ ਚਲਾਏ ਜਾ ਰਹੇ ਅਭਿਆਨ ਵੀ ਸਵਾਲਾਂ ਦੇ ਘੇਰੇ ਵਿਚ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਨਸ਼ਾ ਮੁਕਤੀ ਕੇਂਦਰ ਵਿਚ ਦਵਾਈਆਂ ਦੀ ਕਮੀ ਹੈ ਅਤੇ ਉਹ ਕੇਂਦਰ ਬੰਦ ਹੋਣ ਦੀ ਕਗਾਰ ’ਤੇ ਖੜ੍ਹਾ ਹੈ। ਬਾਜਵਾ ਨੇ ਕਿਹਾ ਕਿ ਗੁਰਦਾਸਪੁਰ ਦੇ ਨਸ਼ਾ ਮੁਕਤੀ ਕੇਂਦਰ ਵਿਚ ਜਨਵਰੀ ਮਹੀਨੇ ਤੋਂ ਬਾਅਦ ਕੋਈ ਦਵਾਈ ਨਹੀਂ ਪਹੁੰਦੀ। ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਲੁਧਿਆਣਾ ਵਿਚ ਨਸ਼ਾ ਵਿਰੋਧੀ ਸਾਈਕਲ ਰੈਲੀ ਕੱਢੀ ਸੀ, ਜਿਸ ਨੂੰ ਪ੍ਰਸ਼ਾਸਨ ਵਲੋਂ ਦੇਸ਼ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ ਕਰਾਰ ਦਿੱਤਾ ਗਿਆ ਸੀ। ਬਾਜਵਾ ਨੇ ਕਿਹਾ ਕਿ ਅਜਿਹੀਆਂ ਗੱਲਾਂ ਪ੍ਰਚਾਰ ਤੋਂ ਵੱਧ ਕੁਝ ਨਹੀਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਪੰਜਾਬ ਵਿਚੋਂ ਨਸ਼ੇ ਖਤਮ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੀ ਇਸ ਮਾਮਲੇ ਵਿਚ ਖਾਨਾ ਪੂਰਤੀ ਹੀ ਕਰ ਰਹੀ ਹੈ। ਬਾਜਵਾ ਨੇ ਕਿਹਾ ਕਿ ਪੁਲਿਸ ਸਿਰਫ ਨਸ਼ੇ ਖਾਣ ਵਾਲਿਆਂ ਨੂੰ ਪ੍ਰੇਸ਼ਾਨ ਕਰਦੀ ਹੈ, ਪਰ ਨਸ਼ਾ ਵੇਚਣ ਵਾਲਿਆਂ ਤੱਕ ਪਹੁੰਚ ਨਹੀਂ ਕਰਦੀ।