
ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਹਜ਼ਾਰਾਂ ਕਿਸਾਨਾਂ ਨੇ ਮੋਰਚੇ ਵਿਚ ਕੀਤੀ ਸ਼ਮੂਲੀਅਤ
ਮੁਹਾਲੀ/ਬਿਊੁਰੋ ਨਿਊਜ਼
ਕਿਸਾਨ ਜਥੇਬੰਦੀਆਂ ਦਾ ਇਕ ਵਫਦ ਕਿਸਾਨੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਭਲਕੇ ਮੰਗਲਵਾਰ ਨੂੰ 11 ਵਜੇ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਚੰਡੀਗੜ੍ਹ ਵਿਖੇ ਮਿਲੇਗਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਹੋਈ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਭਲਕੇ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ 32 ਜਥੇਬੰਦੀਆਂ ਦਾ ਇਕ-ਇਕ ਨੁਮਾਇੰਦਾ ਰਾਜ ਭਵਨ ਪੰਜਾਬ ਵਿਖੇ ਜਾਵੇਗਾ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਇਕ ਆਪਸੀ ਮੀਟਿੰਗ ਕਰਕੇ ਇਸ ਮੋਰਚੇ ਨੂੰ ਅੱਗੇ ਵਧਾਉਣਾ ਹੈ ਜਾਂ ਨਹੀਂ, ਇਸ ਸੰਬੰਧੀ ਫੈਸਲਾ ਕਰਨਗੇ। ਇਸ ਤੋਂ ਪਹਿਲਾਂ ਕਿਸਾਨਾਂ ਵਲੋਂ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਲਗਾਏ ਗਏ ਤਿੰਨ ਦਿਨਾਂ ਧਰਨੇ ਵਿਚ ਅੱਜ ਦੂਜੇ ਦਿਨ ਵੀ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਦੇ ਚੱਲਦਿਆਂ ਪੰਚਕੂਲਾ ਦੀ ਧਰਨਾ ਗਰਾਊਂਡ ਵਿਚ ਵੀ ਹਰਿਆਣਾ ਦੇ ਕਿਸਾਨ ਵੱਡੀ ਗਿਣਤੀ ਵਿਚ ਧਰਨੇ ’ਤੇ ਬੈਠੇ ਹੋਏ ਹਨ। ਉਧਰ ਦੂਜੇ ਪਾਸੇ ਕਿਸਾਨਾਂ ਦੇ ਅੰਦੋਲਨ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਵੀ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹੋਏ ਹਨ। ਪੁਲਿਸ ਵਲੋਂ ਤਿੰਨ ਲੇਅਰ ਵਿਚ ਸੁਰੱਖਿਆ ਦੀ ਵਿਵਸਥਾ ਕੀਤੀ ਗਈ ਹੈ। ਕਿਸਾਨਾਂ ਦਾ ਆਰੋਪ ਹੈ ਕਿ ਦਿੱਲੀ ਦੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਜੋ ਮੰਗਾਂ ਮੰਨੀਆਂ ਸਨ, ਉਨ੍ਹਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਕਿਸਾਨਾਂ ਦਾ ਮੰਨਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਇਹ ਧਰਨਾ ਪ੍ਰਦਰਸ਼ਨ ਜਾਰੀ ਰਹਿਣਗੇ।