ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਈ ਮੀਟਿੰਗ ਦੌਰਾਨ ਪ੍ਰਗਟਾਇਆ ਇਤਰਾਜ਼
ਚੰਡੀਗੜ੍ਹ/ਬਿਊਰੋ ਨਿਊਜ਼ : ਮੋਹਾਲੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਦੀ ਅੱਜ ਮੰਗਲਵਾਰ ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਹੋਈ। ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਮੋਰਚੇ ਦੀਆਂ ਮੰਗਾਂ ਸਬੰਧੀ ਸਰਕਾਰ ਨੂੰ ਜਾਣੂ ਕਰਵਾਇਆ ਗਿਆ ਹੈ। ਕਿਸਾਨ ਨੇ ਅੱਗੇ ਦੱਸਿਆ ਕਿ ਆਉਂਦੀ 19 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ’ਚ ਸਬੰਧਤ ਵਿਭਾਗਾਂ ਦੇ ਅਫ਼ਸਰਾਂ ਨੂੰ ਵੀ ਬੁਲਇਆ ਜਾਵੇਗਾ, ਜਿਸ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਈ ਐਲਾਨ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਵੀ ਕੀਤੀ ਗਈ। ਜਦਕਿ ਆਉਂਦੀ 4 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨਾਲ ਸਬੰਧਤ ਇਕ ਮੰਗ ਪੱਤਰ ਪੰਜਾਬ ਸਰਕਾਰ ਨੂੰ ਸੌਂਪਣਗੀਆਂ। ਇਸ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਕਿਸਾਨਾਂ ਦੀ ਮੁੜ ਤੋਂ ਮੀਟਿੰਗ ਹੋ ਸਕਦੀ ਹੈ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਧਰਨਿਆਂ ਲਈ ਬੰਦੇ ਨਾਲ ਮਿਲਣ ਵਾਲੇ ਟਵੀਟ ’ਤੇ ਇਤਰਾਜ਼ ਵੀ ਪ੍ਰਗਟਾਇਆ ਅਤੇ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ’ਚ ਇਸ ਟਵੀਟ ਖਿਲਾਫ਼ ਕਾਫੀ ਰੋਸ ਪਾਇਆ ਜਾ ਰਿਹਾ ਹੈ।