ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲਗਾਇਆ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਲਈ ਸੱਦਿਆ ਗਿਆ ਸਰਦ ਰੁੱਤ ਸੈਸ਼ਨ ਅੱਜ ਬੁੱਧਵਾਰ ਨੂੰ ਸਮਾਪਤ ਹੋ ਗਿਆ। ਦੋ ਦਿਨਾ ਸ਼ੈਸ਼ਨ ਦਾ ਆਖਰੀ ਦਿਨ ਕਾਫੀ ਹੰਗਾਮੇ ਭਰਪੂਰ ਰਿਹਾ। ਸ਼ੈਸਨ ਦੀ ਮਿਆਦ ਵਧਾਉਣ ਨੂੰ ਲੈ ਕੇ ਕਾਂਗਰਸੀਆਂ ਵੱਲੋਂ ਸਦਨ ਵਿਚ ਹੰਗਾਮਾ ਕੀਤਾ ਗਿਆ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਦਨ ਵਿਚ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੋਈ ਚਰਚਾ ਨਹੀਂ ਕੀਤੀ ਗਈ ਅਤੇ ਨਾ ਹੀ ਸਾਨੂੰ ਬੋਲਣ ਲਈ ਸਮਾਂ ਦਿੱਤਾ ਗਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ’ਚ ਲਾਅ ਐਂਡ ਆਰਡਰ ਦੀ ਸਥਿਤੀ ਕਾਫੀ ਗੰਭੀਰ ਹੈ ਅਤੇ ਨਸ਼ਿਆਂ ਦੇ ਮੁੱਦੇ ’ਤੇ ਵੀ ਵਿਧਾਨ ਸਭਾ ’ਚ ਵਿਸਥਾਰ ਨਾਲ ਗੱਲਬਾਤ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਸਰਦ ਰੁੱਤ ਦੇ ਸ਼ੈਸ਼ਨ ਨੂੰ ਸਿਰਫ਼ ਦੋ ਦਿਨਾਂ ਲਈ ਸੱਦਣਾ ਠੀਕ ਨਹੀਂ ਕਿਉਂਕਿ ਅਜਿਹੇ ’ਚ ਪੰਜਾਬ ਦੇ ਮੁੱਦਿਆਂ ਨੂੰ ਸਹੀ ਢੰਗ ਨਾਲ ਨਹੀਂ ਚੁੱਕਿਆ ਜਾ ਸਕਦਾ। ਇਸ ਤੋਂ ਬਾਅਦ ਪੰਜਾਬ ਸਰਕਾਰ ਦੇ ਵਿਰੋਧ ’ਚ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਵਿਧਾਇਕ ਸਦਨ ’ਚ ਵਾਕਆਊਟ ਕਰ ਗਏ। ਇਸ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਵੀ ਪੰਜਾਬ ਦੇ ਲਾਅ ਐਂਡ ਆਰਡਰ ਦੀ ਸਥਿਤੀ ’ਤੇ ਪੰਜਾਬ ਵਿਧਾਨ ਸਭਾ ਅੰਦਰ ਚਿੰਤਾ ਜ਼ਾਹਿਰ ਕੀਤੀ ਸੀ।