ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੰਯੁਕਤ ਕਿਸਾਨ ਮੋਰਚਾ ਦੀਆਂ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਕੇਂਦਰ ਖਿਲਾਫ ਮਤਾ ਪਾਸ ਕੀਤੇ ਜਾਣ ਦੀ ਤਜਵੀਜ਼ ਰੱਖੀ। ਉਨ੍ਹਾਂ ਕਿਹਾ ਕਿ ਫ਼ਸਲਾਂ ‘ਤੇ ਸਰਕਾਰੀ ਭਾਅ ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਅੰਦੋਲਨ ਦੌਰਾਨ ਦਰਜ ਕੇਸਾਂ ਦੀ ਵਾਪਸੀ, ਮੁਆਵਜ਼ਾ ਅਤੇ ਬਿਜਲੀ ਸੋਧ ਬਿੱਲ ਦੀ ਵਾਪਸੀ ਆਦਿ ਮੁੱਦਿਆਂ ‘ਤੇ ਪੰਜਾਬ ਵਿਧਾਨ ਸਭਾ ਮਤਾ ਪਾਸ ਕਰੇ।
ਬੱਕਰੀ ਤੇ ਮੁਰਗੀ ਦਾ ਕਿੰਨਾ ਮੁਆਵਜ਼ਾ ਦਿੱਤਾ?
ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਸ਼ਨ ਕਾਲ ਦੌਰਾਨ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਬਾਰੇ ਸੁਆਲ ਦਰਮਿਆਨ ਕਿਹਾ ਕਿ ਮਾਲ ਮੰਤਰੀ ਦੱਸਣ ਕਿ ਹੁਣ ਤੱਕ ਸੂਬੇ ‘ਚ ਕਿੰਨੀਆਂ ਬੱਕਰੀਆਂ ਅਤੇ ਮੁਰਗੀਆਂ ਦਾ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਤਾਂ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਕਿਸਾਨਾਂ ਨੂੰ 17 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਗਿਆ ਸੀ। ਅਸਲ ਵਿਚ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਾਸ਼ਤਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਬਾਰੇ ਸੁਆਲ ਪੁੱਛਿਆ ਸੀ, ਜਿਸ ਦੇ ਜੁਆਬ ਵਿਚ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਕਾਸ਼ਤਕਾਰ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ।