ਕਿਹਾ : ਇਸ ਨਾਲ 2024 ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਆਵੇਗਾ ਸੁਧਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸ਼ਨੀਵਾਰ ਨੂੰ ਮਿਸ਼ਨ 100 ਪ੍ਰਤੀਸ਼ਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਫਰਵਰੀ-ਮਾਰਚ 2024 ’ਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ’ਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਮਿਸ਼ਨ 100 ਪ੍ਰਤੀਸ਼ਤ ਦੀ ਸ਼ੁਰੂਆਤ ਕੀਤੀ ਹੈ। ਸਿੱਖਿਆ ਵਿਭਾਗ ’ਚ ਵੱਖ-ਵੱਖ ਪੱਧਰਾਂ ’ਤੇ ਕੰਮ ਕਰ ਰਹੇ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਸਕੂਲ ਦੇ ਮੁੱਖ ਅਧਿਆਪਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਮੂਹਿਕ ਯਤਨਾਂ ਨਾਲ 100 ਪ੍ਰਤੀਸ਼ਤ ਅੰਕ ਹਾਸਲ ਕਰਨ ਦੇ ਲਈ ਇਹ ਮਿਸ਼ਨ ਸ਼ੁਰੂ ਕੀਤਾ ਗਿਆ ਹੈ। ਮੰਤਰੀ ਬੈਂਸ ਨੇ ਕਿਹਾ ਕਿ ਪਿਛਲੇ ਸਾਲ ਵੀ ਇਸ ਮੁਹਿੰਮ ਦੇ ਤਹਿਤ ਪੰਜਾਬ ਦੇ ਸਿੱਖਿਆ ਵਿਭਾਗ ਨੂੰ ਕਾਫ਼ੀ ਮਦਦ ਮਿਲੀ ਸੀ, ਜਿਸਤੋਂ ਬਾਅਦ ਇਸ ਸਾਲ ਵੀ ਇਸ ਦੀ ਸ਼ੁਰੂਆਤ ਅੱਜ ਸ਼ਨੀਵਾਰ ਤੋਂ ਕਰ ਦਿੱਤੀ ਗਈ ਹੈ। ਇਸ ਨੂੰ ਲੈ ਕੇ ਸਾਰੇ ਸਰਕਾਰੀ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਇਸ ਨਾਲ ਬੱਚਿਆਂ ਅਤੇ ਅਧਿਆਪਕਾਂ ਨੂੰ ਕਾਫ਼ੀ ਫਾਇਦਾ ਮਿਲੇਗਾ।