ਚੰਡੀਗੜ੍ਹ ਦੇ ਅਧਿਕਾਰੀਆਂ ਨਾਲ 8 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਜਗ੍ਹਾ ਦੀ ਕੀਤੀ ਜਾਵੇਗੀ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕਿਸਾਨ ਸੰਗਠਨਾਂ ਵੱਲੋਂ 18 ਜਨਵਰੀ ਤੋਂ ਅੰਦੋਲਨ ਦਾ ਐਲਾਨ ਕੀਤਾ ਹੈ। ਕਿਸਾਨ ਪੰਜਾਬ ’ਚ ਗਿਰਦੇ ਪਾਣੀ ਦੇ ਪੱਧਰ ਨੂੰ ਲੈ ਕੇ ਆਪਣਾ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਕਿਸਾਨਾਂ ਵੱਲੋਂ ਆਉਂਦੀ 8 ਦਸੰਬਰ ਨੂੰ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ। ਨਾਲ ਹੀ ਪੰਜਾਬ ਦੇ ਪਿੰਡਾਂ ’ਚ ਇਸ ਅੰਦੋਲਨ ਦੀ ਜਾਣਕਾਰੀ ਲਈ ਇਕ ਲੱਖ ਪੋਸਟਰ ਵੀ ਵੰਡੇ ਜਾਣਗੇ। ਕਿਸਾਨ ਸੰਗਠਨ ਪਾਣੀ ਦੇ ਨਾਲ-ਨਾਲ ਚੰਡੀਗੜ੍ਹ ਦੇ ਫੈਡਰਲ ਢਾਂਚੇ ਦਾ ਮੁੱਦਾ ਵੀ ਉਠਾਉਣਗੇ। ਕਿਸਾਨਾਂ ਦਾ ਆਰੋਪ ਹੈ ਕਿ ਕੇਂਦਰ ਸਰਕਾਰ ਆਪਣੀ ਸੱਤਾ ਦੀ ਦੁਰਵਰਤੋਂ ਕਰਕੇ ਪੰਜਾਬ ਤੋਂ ਪਾਣੀ ਦੂਜੇ ਰਾਜਾਂ ਨੂੰ ਭੇਜਣ ਦੇ ਲਈ ਦਬਾਅ ਬਣਾ ਰਿਹਾ ਹੈ। ਚੰਡੀਗੜ੍ਹ ਦੇ ਸੈਕਟਰ 35 ਸਥਿਤ ਕਿਸਾਨ ਭਵਨ ’ਚ ਅੱਜ ਪੰਜ ਕਿਸਾਨ ਸੰਗਠਨਾਂ ਦੀ ਬੈਠਕ ਹੋਈ ਸੀ। ਇਸ ’ਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਬਲਬੀਰ ਸਿੰਘ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ ਦੀ ਵੱਲੋਂ ਪ੍ਰੇਮ ਸਿੰਘ, ਕਿਸਾਨ ਸੰਘਰਸ਼ ਕਮੇਟੀ ਵੱਲੋਂ ਕਮਲਪ੍ਰੀਤ ਪੰਨੂ, ਭਾਰਤੀ ਕਿਸਾਨ ਯੂਨੀਅਨ ਮਾਨਸਾ ਵੱਲੋਂ ਬੋਗ ਸਿੰਘ ਅਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਹਰਜਿੰਦਰ ਸਿੰਘ ਟਾਂਡਾ ਸਮੇਤ ਕਈ ਕਿਸਾਨ ਆਗੂਆਂ ਨੇ ਵੀ ਇਸ ’ਚ ਹਿੱਸਾ ਲਿਆ। ਇਸ ਬੈਠਕ ’ਚ ਅੰਦੋਲਨ ਦੇ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ। ਉਥੇ ਹੀ ਦੋਬਾਰਾ ਤੋਂ ਫਿਰ ਤਿਆਰੀ ਕਰਨ ਲਈ 23 ਦਸੰਬਰ ਨੂੰ ਇਨ੍ਹਾਂ ਪੰਜੋ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਵਾਰ ਉਹ ਚੰਡੀਗੜ੍ਹ ਦੇ ਬਾਰਡਰ ਮੋਹਾਲੀ ’ਤੇ ਪ੍ਰਦਰਸ਼ਨ ਨਹੀਂ ਕਰਨਗੇ ਬਲਕਿ ਇਹ ਪ੍ਰਦਰਸ਼ਨ ਚੰਡੀਗੜ੍ਹ ’ਚ ਹੋਵੇਗਾ। ਕਿਉਂਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਜੇਕਰ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਇਹ ਉਨ੍ਹਾਂ ਦੇ ਅਧਿਕਾਰਾਂ ਦੇ ਖਿਲਾਫ਼ ਹੈ। ਚੰਡੀਗੜ੍ਹ ’ਚ ਪ੍ਰਦਰਸ਼ਨ ਕਿੱਥੇ ਹੋਵੇਗਾ ਇਹ 8 ਦਸੰਬਰ ਨੂੰ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਹੋਣ ਵਾਲੀ ਮੁਲਾਕਾਤ ਤੋਂ ਬਾਅਦ ਤੈਅ ਕੀਤਾ ਜਾਵੇਗਾ।