Breaking News
Home / ਕੈਨੇਡਾ / Front / ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ
– ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਨਾਮ ਦਰਜ ਕਰਵਾਉ ਤੇ 1 ਲੱਖ ਰੁਪਏ ਜਿੱਤਣ ਦਾ ਮੌਕਾ ਪਾਉ
— ਲੱਕੀ ਡਰਾਅ ਦੀ ਮਿਆਦ ਦੌਰਾਨ 1.80 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਆਯੁਸ਼ਮਾਨ ਕਾਰਡ ਲਈ ਨਾਮ ਦਰਜ ਕਰਵਾ ਚੁੱਕੇ ਹਨ
– ਡਰਾਅ ਰਾਹੀਂ 10 ਜੇਤੂਆਂ ਦੀ ਹੋਵੇਗੀ ਚੋਣ; ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਹੋਵੇਗਾ
ਚੰਡੀਗੜ੍ਹ, / ਪ੍ਰਿੰਸ ਗਰਗ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਕਾਰਡ ਬੰਪਰ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।

ਜ਼ਿਕਰਯੋਗ ਹੈ ਕਿ 16 ਅਕਤੂਬਰ ਨੂੰ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਾਂਚ ਕੀਤਾ ਗਿਆ ਸੀ, ਜਿਸ ਤਹਿਤ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ। ਇਸ ਤੋਂ ਪਹਿਲਾਂ ਬੰਪਰ ਦੀ ਆਖਰੀ ਤਰੀਕ 30 ਨਵੰਬਰ 2023 ਸੀ।

ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਕਿਹਾ ਕਿ ਲੋਕਾਂ ਦੇ ਭਰਵੇਂ ਹੁੰਗਾਰੇ ਤੋਂ ਬਾਅਦ, ਵਿਭਾਗ ਨੇ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਸਕੀਮ ਦਾ ਲਾਭ ਲੈ ਸਕਣ। ਦੱਸਣਯੋਗ ਹੈ ਕਿ ਲੱਕੀ ਡਰਾਅ ਦੀ ਮਿਆਦ ਦੌਰਾਨ 1.80 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਆਯੁਸ਼ਮਾਨ ਕਾਰਡ ਲਈ ਨਾਮ ਦਰਜ ਕਰਵਾ ਚੁੱਕੇ ਹਨ।

ਡਰਾਅ ਬਾਰੇ ਹੋਰ ਜਾਣਕਾਰੀ ਦਿੰਦਿਆਂ ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦੱਸਿਆ ਕਿ ਡਰਾਅ ਰਾਹੀਂ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਦਿੱਤਾ ਜਾਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਹੈ ਜਦਕਿ ਛੇਵਾਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ। ਹੁਣ, ਡਰਾਅ ਜਨਵਰੀ 2024 ਵਿੱਚ ਕੱਢਿਆ ਜਾਵੇਗਾ।

ਸੀਈਓ ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਵੱਧ ਤੋਂ ਵੱਧ ਲੋਕਾਂ ਦਾ ਨਾਮ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲਕਦਮੀ ਹੈ ਜਿਸ ਜ਼ਰੀਏ ਆਯੁਸ਼ਮਾਨ ਕਾਰਡ ਬਣਾਉਣ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਉਹਨਾਂ ਅੱਗੇ ਦੱਸਿਆ ਕਿ ਲਾਭਪਾਤਰੀ “ਆਯੁਸ਼ਮਾਨ ਐਪ” ਦੀ ਵਰਤੋਂ ਕਰਕੇ, “beneficiary.nha.gov.in” ਵੈਬਸਾਈਟ ‘ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ।

ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਹਰੇਕ  ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਪੇਸ਼ਕਸ਼ ਕਰਦੀ ਹੈ। ਸੂਬੇ ਵਿੱਚ 44 ਲੱਖ ਤੋਂ ਵੱਧ ਪਰਿਵਾਰ ਇਸ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਵਿੱਚ ਗੋਡੇ ਬਦਲਾਉਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਸ਼ਾਮਲ ਹਨ। ਇਹਨਾਂ ਲਾਭਪਾਤਰੀ ਪਰਿਵਾਰਾਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ 2011 ਦੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡਾਟਾ ਤਹਿਤ ਕਵਰ ਕੀਤੇ ਗਏ ਪਰਿਵਾਰ ਸ਼ਾਮਲ ਹਨ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …