ਬਲਵੰਤ ਸਿੰਘ ਰਾਜੋਆਣਾ ਨੇ ਪਟਿਆਲਾ ਜੇਲ੍ਹ ਭੁੱਖ ਹੜਤਾਲ ਕੀਤੀ ਸ਼ੁਰੂ
ਮੁਲਾਕਾਤ ਤੋਂ ਬਾਅਦ ਭੈਣ ਕਮਲਜੀਤ ਕੌਰ ਨੇ ਭੁੱਖ ਹੜਤਾਲ ਸਬੰਧੀ ਦਿੱਤੀ ਜਾਣਕਾਰੀ
ਪਟਿਆਲਾ/ਬਿਊਰੋ ਨਿਊਜ਼ :
ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਕਹੇ ਅਨੁਸਾਰ ਅੱਜ 5 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਉਨ੍ਹਾਂ ਦੀ ਭੈਣ ਕਮਲਜੀਤ ਕੌਰ ਨੇ ਮੁਲਾਕਾਤ ਤੋਂ ਬਾਅਦ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜੋਆਣਾ ਨੇ ਅੱਜ ਮੰਗਲਵਾਰ ਨੂੰ ਸਵੇਰੇ ਦਾ ਖਾਣਾ ਨਹੀਂ ਖਾਧਾ ਜਦਕਿ ਜੇਲ੍ਹ ਅਧਿਕਾਰੀਆਂ ਨੇ ਰਾਜੋਆਣਾ ਨੂੰ ਖਾਣਾ ਖਾਣ ਦੀ ਅਪੀਲ ਕੀਤੀ ਸੀ ਪ੍ਰੰਤੂ ਉਹ ਨਹੀਂ ਮੰਨੇ। ਧਿਆਨ ਰਹੇ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਰਾਜੋਆਣਾ ਪਿਛਲੇ 12 ਸਾਲ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ। ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮੁਆਫ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਰਹਿਮ ਦੀ ਅਪੀਲ ਕੀਤੀ ਸੀ। ਪ੍ਰੰਤੂ ਕੇਂਦਰ ਸਰਕਾਰ ਵੱਲੋਂ ਰਹਿਮ ਦੀ ਅਪੀਲ ’ਤੇ ਕੋਈ ਕਾਰਵਾਈ ਨਾ ਕਰਨ ਦੇ ਚਲਦਿਆਂ ਰਾਜੋਆਣਾ ਨਾਰਾਜ਼ ਦੱਸੇ ਜਾ ਰਹੇ ਹਨ। ਲੰਘੇ ਦਿਨੀਂ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਰਹਿਮ ਦੀ ਅਪੀਲ ਵਾਪਸ ਲੈਣ ਲਈ ਬੇਨਤੀ ਵੀ ਕੀਤੀ ਸੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ 5 ਦਸੰਬਰ ਤੋਂ ਭੁੱਖ ਹੜਤਾਲ ਕਰਨ ਦੀ ਗੱਲ ਦੁਹਰਾਈ ਸੀ। ਜਿਸ ਤੋਂ ਬਾਅਦ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਟਿਆਲਾ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ ਸੀ। ਐਡਵੋਕੇਟ ਧਾਮੀ ਵੱਲੋਂ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਵੀ ਕੀਤੀ ਗਈ ਸੀ।