ਪਲਾਟ ਘੁਟਾਲਾ ਮਾਮਲੇ ਵਿਚ ਘਿਰੇ ਹੋਏ ਹਨ ਸਾਬਕਾ ਵਿੱਤ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਰਾਹਤ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਹੁਣ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰਹੇਗੀ। ਅਦਾਲਤ ਵਿਚ ਸੁਣਵਾਈ ਦੌਰਾਨ ਮਨਪ੍ਰੀਤ ਸਿੰਘ ਬਾਦਲ ’ਤੇ ਲੱਗੇ ਆਰੋਪਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਜਵਾਬ-ਦਾਖਲ ਕੀਤਾ ਹੈ। ਜਿਸ ਤੋਂ ਬਾਅਦ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਬਰਕਰਾਰ ਰੱਖਦੇ ਹੋਏ, ਮਾਮਲੇ ਦੀ ਸੁਣਵਾਈ 15 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਬਠਿੰਡਾ ਪਲਾਟ ਘੁਟਾਲਾ ਮਾਮਲੇ ਦੇ ਆਰੋਪਾਂ ਤਹਿਤ ਮਨਪ੍ਰੀਤ ਬਾਦਲ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕੀਤਾ ਸੀ ਅਤੇ ਇਸ ਤੋਂ ਬਾਅਦ ਮਨਪ੍ਰੀਤ ਬਾਦਲ ਨੂੰ ਗਿ੍ਰਫਤਾਰ ਕਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਸਨ। ਇਸਦੇ ਚੱਲਦਿਆਂ ਬਠਿੰਡਾ ਦੀ ਹੇਠਲੀ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ ਅਤੇ ਫਿਰ ਮਨਪ੍ਰੀਤ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ ਪਲਾਟ ਘੁਟਾਲਾ ਮਾਮਲੇ ਵਿਚ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਜਿਸਦੇ ਚੱਲਦਿਆਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਕੱਲ੍ਹ ਅਗਾਊਂ ਜ਼ਮਾਨਤ ’ਤੇ ਹਨ। ਧਿਆਨ ਰਹੇ ਕਿ ਮਨਪ੍ਰੀਤ ਸਿੰਘ ਬਾਦਲ ਅਕਾਲੀ-ਭਾਜਪਾ ਸਰਕਾਰ ਸਮੇਂ ਪੰਜਾਬ ਦੇ ਵਿੱਤ ਮੰਤਰੀ ਰਹੇ। ਇਸ ਤੋਂ ਬਾਅਦ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਅਤੇ ਫਿਰ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਸਮੇਂ ਵੀ ਉਨ੍ਹਾਂ ਨੂੰ ਪੰਜਾਬ ਦਾ ਵਿੱਤ ਮੰਤਰੀ ਬਣਾ ਦਿੱਤਾ ਗਿਆ। ਹੁਣ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ।