ਕਿਹਾ : ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ 2500 ਰੁਪਏ ਪ੍ਰਤੀ ਏਕੜ ਦਿਓ, ਮਸਲਾ ਹੱਲ ਹੋ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪ੍ਰਸ਼ਨ ਕਾਲ ਦੌਰਾਨ ਸੰਸਦ ’ਚ ਪਰਾਲੀ ਸਾੜਨ ਦੇ ਮੁੱਦੇ ਨੂੰ ਚੁੱਕਿਆ। ਉਨਾਂ ਕੇਂਦਰ ਸਰਕਾਰ ਨੂੰ ਸੂਬਾ ਸਰਕਾਰ ਦਾ ਸਹਿਯੋਗ ਕਰਕੇ ਇਸ ਦਾ ਹੱਲ ਕੱਢਣ ਦੀ ਗੱਲ ਆਖੀ। ਪਾਠਕ ਨੇ ਕਿਹਾ ਕਿ ਪਰਾਲੀ ਸਾੜਨ ਲਈ ਕਿਸਾਨਾਂ ਨੂੰ ਕਸੂਰਵਾਰ ਦੱਸਿਆ ਜਾਂਦਾ ਹੈ ਪ੍ਰੰਤੂ ਪਰਾਲੀ ਸਾੜਨਾ ਕਿਸਾਨਾਂ ਦੀ ਮਜਬੂਰੀ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦੀ ਮਦਦ ਨਾਲ ਇਸ ਨੂੰ ਰੋਕਿਆ ਜਾ ਸਕਦਾ ਹੈ। ਜਿਸ ਦੇ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਪਾਠਕ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਲਈ 1000 ਰੁਪਏ ਪ੍ਰਤੀ ਏਕੜਾ ਦੇਣਾ ਚਾਹੁੰਦੀ ਹੈ। ਜੇਕਰ ਕੇਂਦਰ ਸਰਕਾਰ 1500 ਰੁਪਏ ਪ੍ਰਤੀ ਏਕੜ ਦੇਣ ਲਈ ਰਾਜ਼ੀ ਹੋ ਜਾਵੇ ਤਾਂ ਕਿਸਾਨਾਂ ਦੀ ਪਰਾਲੀ ਸਾੜਨ ਵਾਲੀ ਸਮੱਸਿਆ ਦਾ ਹੱਲ ਹੋ ਸਕਦਾ ਹੈ, ਕਿਉਂਕਿ ਜਦੋਂ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮਿਲ ਜਾਣਗੇ ਤਾਂ ਪਰਾਲੀ ਸਾੜਨ ਦੀ ਸਮੱਸਿਆ ਦਾ ਅੰਤ ਹੋ ਸਕਦਾ ਹੈ। ਇਸ ਤੋ ਇਲਾਵਾ ਸੰਦੀਪ ਪਾਠਕ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ’ਤੇ ਐਮਐਸਪੀ ਮਿਲਦਾ ਹੈ ਜੋ ਹੋਰਨਾਂ ਫਸਲਾਂ ਨਾਲੋਂ ਕਾਫ਼ੀ ਜ਼ਿਆਦਾ ਹੈ। ਜੇਕਰ ਕਿਸਾਨਾਂ ਨੂੰ ਹੋਰਨਾਂ ਫਸਲਾਂ ’ਤੇ ਵੀ ਝੋਨੇ ਦੇ ਬਰਾਬਰ ਐਮਐਸਪੀ ਦਿੱਤਾ ਜਾਵੇ ਤਾਂ ਕਿਸਾਨ ਆਪਣੇ ਆਪ ਝੋਨਾ ਬੀਜਣਾ ਛੱਡ ਕੇ ਹੋਰ ਫਸਲਾਂ ਬੀਜਣ ਲਈ ਤਿਆਰ ਹੋ ਜਾਣਗੇ ਅਤੇ ਪਰਾਲੀ ਸਾੜਨ ਵਾਲੇ ਮੁੱਦੇ ਤੋਂ ਕਾਫ਼ੀ ਹੱਦ ਤੱਕ ਨਿਜ਼ਾਤ ਮਿਲ ਸਕਦੀ ਹੈ।