Breaking News
Home / Special Story / ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਵੱਡੀ ਗਿਣਤੀ ਸੰਗਤ ਨੇ ਗੁਰਦੁਆਰਾ ਸਾਹਿਬਾਨਾਂ ‘ਚ ਮੱਥਾ ਟੇਕਿਆ; ਅਲੌਕਿਕ ਜਲੌਅ ਸਜਾਏ ਤੇ ਦੀਪਮਾਲਾ ਕੀਤੀ ਗਈ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਪੰਜਾਬ, ਚੰਡੀਗੜ੍ਹ ਅਤੇ ਦੇਸ਼ ਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬਾਨਾਂ ਵਿਖੇ ਸੰਗਤ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਵੀ ਸਰਵਣ ਕੀਤੀਆਂ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਦਾ ਰਿਹਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਡਮੁੱਲੇ ਸੰਦੇਸ਼ ਅੱਜ ਵੀ ਸਿਰਫ਼ ਭਾਰਤ ਲਈ ਹੀ ਨਹੀਂ ਸਗੋਂ ਪੂਰੇ ਵਿਸ਼ਵ ਲਈ ਪ੍ਰੇਰਨਾਦਾਇਕ ਹਨ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਅਤੇ ਵਿਦੇਸ਼ਾਂ ‘ਚ ਵਸਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਵਿਚ ਹਰ ਧਰਮ ਦੇ ਲੋਕਾਂ ਵਲੋਂ ਸਤਿਕਾਰੇ ਜਾਂਦੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਮ ਅਤੇ ਧਰਮ ਨੂੰ ਬਰਾਬਰ ਰੱਖਿਆ ਹੈ।
ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰੂਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਅਲੌਕਿਕ ਜਲੌਅ ਸਜਾਏ ਗਏ। ਇਸ ਦੌਰਾਨ ਆਤਿਸ਼ਬਾਜ਼ੀ ਅਤੇ ਦੀਪਮਾਲਾ ਵੀ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ। ਗੁਰਮਤਿ ਸਮਾਗਮ ਵਿਚ ਢਾਡੀਆਂ ਅਤੇ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਦੌਰਾਨ ਕਵੀ ਦਰਬਾਰ ਵੀ ਕਰਵਾਇਆ ਗਿਆ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ।
ਸ੍ਰੀ ਨਨਕਾਣਾ ਸਾਹਿਬ ਵਿੱਚ ਨਗਰ ਕੀਰਤਨ ਸਜਾਇਆ ਗਿਆ
ਅੰਮ੍ਰਿਤਸਰ : ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਚ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਾਲੀ ਪਾਲਕੀ ਇੱਕ ਬੱਸ ਵਿੱਚ ਸੁਸ਼ੋਭਿਤ ਕੀਤੀ ਗਈ ਸੀ, ਜਿਸ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਫੁੱਲਾਂ ਨਾਲ ਲੱਦੀ ਇਹ ਬੱਸ ਖਿੱਚ ਦਾ ਕੇਂਦਰ ਬਣੀ ਹੋਈ ਸੀ ਅਤੇ ਸੰਗਤ ਪਾਵਨ ਸਰੂਪ ਨੂੰ ਨਤਮਸਤਕ ਹੋ ਰਹੀ ਸੀ। ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ‘ਚੋਂ ਲੰਘਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ। ਇਸ ਦੌਰਾਨ ਬਾਜ਼ਾਰਾਂ ਵਿੱਚ ਸੜਕ ਉਪਰ ਲਾਲ ਗਲੀਚਾ ਵਿਛਾਇਆ ਹੋਇਆ ਸੀ। ਜੈਕਾਰਿਆਂ ਦੀ ਗੂੰਜ ਅਤੇ ਫੁੱਲਾਂ ਦੀ ਵਰਖਾ ਨਾਲ ਅਲੌਕਿਕ ਨਜ਼ਾਰਾ ਬਣਿਆ ਹੋਇਆ ਸੀ। ਜਾਣਕਾਰੀ ਅਨੁਸਾਰ ਮੁੱਖ ਸਮਾਗਮ ਵਿੱਚ ਪਾਕਿਸਤਾਨ ਔਕਾਫ ਬੋਰਡ ਦੇ ਉੱਚ ਅਧਿਕਾਰੀ ਅਤੇ ਪੀਐੱਸਜੀਪੀਸੀ ਦੇ ਪ੍ਰਧਾਨ ਅਮੀਰ ਸਿੰਘ ਸਮੇਤ ਸਾਬਕਾ ਪ੍ਰਧਾਨ ਤੇ ਹੋਰ ਅਹੁਦੇਦਾਰ ਤੇ ਮੈਂਬਰ ਸ਼ਾਮਲ ਸਨ। ਇਸ ਮੌਕੇ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣ ਲਈ ਭਾਰਤ ਤੋਂ ਪੁੱਜੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕੀਤਾ ਅਤੇ ਸੰਗਤ ਨੂੰ ਇਸ ਗੁਰਪੁਰਬ ਦੀ ਵਧਾਈ ਦਿੱਤੀ। ਇਸ ਦੌਰਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿੱਚ ਸੁੰਦਰ ਦੀਪਮਾਲਾ ਕੀਤੀ ਗਈ ਸੀ। ਸ਼ਾਮ ਨੂੰ ਆਤਿਸ਼ਬਾਜ਼ੀ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਵੀ ਕਰੀਬ 2000 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਹੁੰਚਿਆ।
ਗੁਰਦੁਆਰਾ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਵਿਖੇ ਵੀ ਵੱਡੀ ਗਿਣਤੀ ਸੰਗਤ ਨੇ ਮੱਥਾ ਟੇਕਿਆ
ਜਲੰਧਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਬਾਬੇ ਨਾਨਕ ਦੇ ਰੰਗਾਂ ਵਿੱਚ ਪੂਰੀ ਤਰ੍ਹਾਂ ਰੰਗੀ ਗਈ। ਇਸ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਤੇ ਸੰਗਤ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।
ਜਾਣਕਾਰੀ ਅਨੁਸਾਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨੇ ਮੱਥਾ ਟੇਕਿਆ। ਅੰਮ੍ਰਿਤ ਵੇਲੇ ਤੋਂ ਹੀ ਸੰਗਤ ਗੁਰਦੁਆਰਾ ਬੇਰ ਸਾਹਿਬ ਦੇ ਦਰਸ਼ਨ ਲਈ ਆਉਣੀ ਸ਼ੁਰੂ ਹੋ ਗਈ ਸੀ। ਦੁਪਹਿਰ ਸਮੇਂ ਕਿਣਮਿਣ ਹੋਣ ਦੇ ਬਾਵਜੂਦ ਸੰਗਤ ਦੀ ਆਮਦ ਜਾਰੀ ਰਹੀ। ਇਸ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਰਾਗੀ ਤੇ ਢਾਡੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਸੁਲਤਾਨਪੁਰ ਲੋਧੀ ਕਸਬੇ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਧਾਰਮਿਕ ਜਥੇਬੰਦੀਆਂ ਵੱਲੋਂ ਲੰਗਰ ਲਗਾਏ ਗਏ ਸਨ। ਇਸ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਗਰ ਕੀਰਤਨ ਦੌਰਾਨ 11 ਹਜ਼ਾਰ ਬੂਟਿਆਂ ਦਾ ਪ੍ਰਸ਼ਾਦ ਵੰਡਿਆ।
ਭਗਵੰਤ ਮਾਨ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ
ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਪਹਿਲੀ ਰੇਲ ਗੱਡੀ ਰਵਾਨਾ
ੲ ਤਿੰਨ ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਕਰਨਗੇ ਧਾਰਮਿਕ ਸਥਾਨਾਂ ਦੀ ਯਾਤਰਾ
ੲਵਿਰੋਧੀ ਪਾਰਟੀਆਂ ‘ਤੇ ਗੁਮਰਾਹਕੁਨ ਪ੍ਰਚਾਰ ਕਰਨ ਦੇ ਆਰੋਪ ਲਾਏ
ਧੂਰੀ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਫਲਸਫ਼ੇ ਮੁਤਾਬਕ ਹੈ, ਜਿਨ੍ਹਾਂ ਲੋਕਾਈ ਨੂੰ ਭਾਈਚਾਰੇ ਤੇ ਅਮਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਦੇਸ਼ ਭਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੂਬਾ ਸਰਕਾਰ ਨੇ ਇਹ ਸਕੀਮ ਸ਼ੁਰੂ ਕੀਤੀ ਹੈ। ਪ੍ਰਕਾਸ਼ ਪੁਰਬ ਮੌਕੇ ਪਹਿਲੀ ਗੱਡੀ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਰਵਾਨਾ ਹੋਈ, ਜੋ ਧੂਰੀ ਰੇਲਵੇ ਸਟੇਸ਼ਨ ਤੋਂ ਲੰਘੀ। ਇਸ ਵਿੱਚ ਕਰੀਬ 1300 ਯਾਤਰੀ ਸਵਾਰ ਸਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਇਕ ਹੋਰ ਮਿਸਾਲੀ ਪਹਿਲਕਦਮੀ ਤਹਿਤ ਸੂਬਾ ਸਰਕਾਰ ਨੇ ਲੋਕਾਂ ਨੂੰ ਅਨਾਜ ਦੀ ਘਰ-ਘਰ ਸਪਲਾਈ ਦੀ ਵੀ ਸ਼ੁਰੂਆਤ ਕੀਤੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਆਗਾਮੀ ਤਿੰਨ ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਧਾਰਮਿਕ ਸਥਾਨਾਂ ਦੀ ਯਾਤਰਾ ਕਰਨਗੇ। ਉਨ੍ਹਾਂ ਦੱਸਿਆ ਕਿ ਹਰ ਅੱਠ ਦਿਨਾਂ ਬਾਅਦ ਚੱਲਣ ਵਾਲੀਆਂ ਇਨ੍ਹਾਂ 13 ਰੇਲ ਗੱਡੀਆਂ ‘ਚੋਂ ਹਰ ਗੱਡੀ ਵਿੱਚ ਇਕ ਹਜ਼ਾਰ ਯਾਤਰੀ ਜਾਣਗੇ। ਬਾਕੀ ਸ਼ਰਧਾਲੂ ਬੱਸਾਂ ਰਾਹੀਂ ਸਫ਼ਰ ਕਰਨਗੇ। ਰੋਜ਼ਾਨਾ ਦਸ ਬੱਸਾਂ ਚੱਲਣਗੀਆਂ, ਜਿਨ੍ਹਾਂ ‘ਚੋਂ ਹਰ ਬੱਸ ਵਿੱਚ 43 ਯਾਤਰੀ ਸਵਾਰ ਹੋਣਗੇ। ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਇਨ੍ਹਾਂ ਯਾਤਰੀਆਂ ਨਾਲ ਡਾਕਟਰਾਂ, ਵਾਲੰਟੀਅਰਾਂ ਤੇ ਅਧਿਕਾਰੀਆਂ ਦੀ ਇਕ ਟੀਮ ਵੀ ਸਫਰ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੀਮ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਸਰਕਾਰ ਨੇ ਸ਼ੁਰੂ ਕੀਤੀ ਸੀ। ਹੁਣ ਇਹ ਸਕੀਮ ਪੰਜਾਬ ਵਿੱਚ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸ਼ਰਧਾਲੂਆਂ ਨੂੰ ਏਸੀ ਕਮਰੇ ਤੇ ਖਾਣ-ਪੀਣ ਦੀਆਂ ਵਸਤਾਂ ਵੀ ਮੁਹੱਈਆਂ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਉਨ੍ਹਾਂ ਦੀ ਸਰਕਾਰ ਖਿਲਾਫ ਬੋਲਣ ਲਈ ਕੋਈ ਮੁੱਦਾ ਨਹੀਂ ਹੈ। ਉਹ ਵੱਖ-ਵੱਖ ਮੁੱਦਿਆਂ ‘ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਗੁਮਰਾਹਕੁਨ ਪ੍ਰਚਾਰ ਵੱਲ ਧਿਆਨ ਨਾ ਦੇ ਕੇ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ ਅਤੇ ਆਪਣੇ ਲਈ ਵੱਡੇ-ਵੱਡੇ ਮਹਿਲਨੁਮਾ ਘਰ ਉਸਾਰੇ ਹਨ। ਇਨ੍ਹਾਂ ਮਹਿਲਨੁਮਾ ਘਰਾਂ ਦੀਆਂ ਕੰਧਾਂ ਤਾਂ ਉੱਚੀਆਂ ਹਨ, ਪਰ ਦਰਵਾਜ਼ੇ ਆਮ ਤੌਰ ‘ਤੇ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਵਾਤਾਵਰਨ ਬਚਾਉਣ ਦਾ ਸੰਕਲਪ ਲੈਂਦਿਆਂ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ।
ਕੇਜਰੀਵਾਲ ਵੱਲੋਂ ਪ੍ਰਕਾਸ਼ ਪੁਰਬ ਦੀ ਵਧਾਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਭ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੁਰੂ ਸਾਹਿਬਾਨ ਵੱਲੋਂ ਦਰਸਾਏ ਰਾਹ ‘ਤੇ ਚੱਲ ਕੇ ਦਿੱਲੀ ਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਸਹੂਲਤ ਲਈ ਯੋਜਨਾ ਸ਼ੁਰੂ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੇ 75 ਸਾਲਾਂ ‘ਚ ਕਦੇ ਵੀ ਕਿਸੇ ਸਰਕਾਰ ਨੇ ਲੋਕਾਂ ਲਈ ਇਹ ਸਕੀਮ ਸ਼ੁਰੂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ‘ਤੇ ਜੋ ਪੈਸਾ ਖਰਚ ਕੀਤਾ ਜਾ ਰਿਹਾ ਹੈ, ਉਹੀ ਪੈਸਾ ਪਿਛਲੀਆਂ ਸਰਕਾਰਾਂ ਵੱਲੋਂ ਆਪਣੀ ਮੌਜ ਮਸਤੀ ‘ਤੇ ਖਰਚਿਆ ਜਾਂਦਾ ਸੀ।
ਅਕਾਲੀ ਸਰਕਾਰ ਵੇਲੇ ਸ਼ੁਰੂ ਹੋਈ ਸੀ ਤੀਰਥ ਯਾਤਰਾ ਸਕੀਮ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਨੂੰ ਸਿਰਫ ਪਬਲੀਸਿਟੀ ਸਟੰਟ ਕਰਾਰ ਦਿੱਤਾ ਤੇ ਕਿਹਾ ਕਿ ਇਹ ਸਕੀਮ ਤਾਂ ਪਹਿਲਾਂ ਹੀ ਪਹਿਲੀ ਜਨਵਰੀ 2016 ਨੂੰ ਤਕਰੀਬਨ 8 ਸਾਲ ਪਹਿਲਾਂ ਬਾਦਲ ਸਰਕਾਰ ਨੇ ਸ਼ੁਰੂ ਕਰ ਦਿੱਤੀ ਸੀ। ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਨੇ ਪਹਿਲੀ ਜਨਵਰੀ 2016 ਨੂੰ ਅੰਮ੍ਰਿਤਸਰ ਤੋਂ ਸ਼ੁਰੂ ਕੀਤੀ ਗਈ ਸੀ।

 

Check Also

ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਨਹੀਂ ਮਿਲਿਆ ਬਹੁਮਤ

ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …