1.7 C
Toronto
Wednesday, January 7, 2026
spot_img
Homeਪੰਜਾਬਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਭਾਰਤੀ ਸਿੱਖ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਤਨ ਪਰਤਿਆ

ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਮਨਾਉਣ ਮਗਰੋਂ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤ ਆਇਆ ਹੈ। ਜਥੇ ਦੀ ਵਤਨ ਵਾਪਸੀ ਮਗਰੋਂ ਅਟਾਰੀ ਸਰਹੱਦ ‘ਤੇ ਗੱਲਬਾਤ ਕਰਦਿਆਂ ਸੁੱਚਾ ਸਿੰਘ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿੱਖ ਸੰਗਤ ਨੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਭਾਰਤ, ਪਾਕਿਸਤਾਨ, ਬਰਤਾਨੀਆ, ਕੈਨੇਡਾ, ਅਮਰੀਕਾ, ਆਸਟਰੇਲੀਆ, ਪਾਕਿਸਤਾਨ ਦੇ ਸੂਬਾ ਸਿੰਧ, ਬਲੋਚਿਸਤਾਨ, ਪਿਸ਼ਾਵਰ ਆਦਿ ਤੋਂ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।
ਉਨ੍ਹਾਂ ਦੱਸਿਆ ਕਿ ਗੁਰਧਾਮਾਂ ਦੀ ਯਾਤਰਾ ਦੌਰਾਨ ਭਾਰਤੀ ਸਿੱਖ ਸ਼ਰਧਾਲੂਆਂ ਨੇ ਨਨਕਾਣਾ ਸਾਹਿਬ ਸਥਿਤ ਸਥਾਨਕ ਗੁਰਦੁਆਰਿਆਂ ਦੇ ਦਰਸ਼ਨਾਂ ਤੋਂ ਇਲਾਵਾ ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ), ਗੁਰਦੁਆਰਾ ਡੇਹਰਾ ਸਾਹਿਬ ਲਾਹੌਰ (ਸਮੇਤ ਸਥਾਨਕ ਗੁਰਦੁਆਰੇ), ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਰੋੜੀ ਸਾਹਿਬ (ਐਮਨਾਬਾਦ) ਦੇ ਦਰਸ਼ਨ ਵੀ ਕੀਤੇ। ਸ਼ਰਧਾਲੂ ਲਖਬੀਰ ਸਿੰਘ ਨੇ ਦੱਸਿਆ ਕਿ ਗੁਰਧਾਮਾਂ ਦੀ ਯਾਤਰਾ ਦੌਰਾਨ ਪਾਕਿਸਤਾਨ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰਧਾਮਾਂ ਦੀ ਯਾਤਰਾ ਦੌਰਾਨ ਸਿੱਖ ਜਥੇ ‘ਚ ਸ਼ਾਮਲ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ।

 

RELATED ARTICLES
POPULAR POSTS