‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ’ਚ ਕੀਤਾ ਉਦਘਾਟਨ
ਲੁਧਿਆਣਾ/ਬਿਊਰੋ ਨਿਊਜ਼
‘ਸਰਕਾਰ ਤੁਹਾਡੇ ਦੁਆਰ’ ਸਕੀਮ ਦਾ ਆਗਾਜ਼ ਅੱਜ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਖੇ ਕੀਤਾ। ਇਸ ਮੌਕੇ 43 ਨਵੀਆਂ ਸਹੂਲਤਾਂ ਦੀ ਸ਼ੁਰੂਆਤ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ ਵਿਚ ਸਾਰੇ ਤਰ੍ਹਾਂ ਦੇ ਪਛਾਣ ਪੱਤਰ ਲੋਕਾਂ ਦੇ ਘਰੀਂ ਜਾ ਕੇ ਅਧਿਕਾਰੀ ਬਣਾਉਣਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਬੱਚਿਆਂ ਨੂੰ ਸਿਲੇਬਸ ਵਿਚ ਪੁੱਛਿਆ ਜਾਇਆ ਕਰੇਗਾ ਕਿ ਕਿਹੜੀ ਪਾਰਟੀ ਨੇ ਪੰਜਾਬ ਦੇ ਸਰਕਾਰੀ ਦਫਤਰਾਂ ’ਚੋਂ ਪ੍ਰੇਸ਼ਾਨੀਆਂ ਨੂੰ ਖਤਮ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਨੂੰ ਬੁੱਧਵਾਰ ਅਤੇ ਵੀਰਵਾਰ ਦੇ ਚੱਕਰ ਵਿਚ ਅਧਿਕਾਰੀ ਉਲਝਾ ਰੱਖਦੇ ਸਨ, ਪਰ ਹੁਣ ਅਜਿਹਾ ਨਹੀਂ ਹੋਵੇਗਾ। ਹੁਣ ਪੰਜਾਬ ਸਰਕਾਰ ਨੇ 43 ਸਹੂਲਤਾਂ ਦੀ ਸ਼ੁਰੂਆਤ ਕੀਤੀ ਹੈ, ਜਿਸ ਵਿਚ 1076 ਨੰਬਰ ’ਤੇ ਕਾਲ ਕਰਕੇ ਹਰ ਤਰ੍ਹਾਂ ਦੇ ਪਛਾਣ ਪੱਤਰ ਨੂੰ ਬਣਾਉਣ ਲਈ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਅਧਿਕਾਰੀ ਘਰ-ਘਰ ਪਹੁੰਚ ਕੇ ਲੋਕਾਂ ਦੇ ਸਰਟੀਫਿਕੇਟ ਬਣਾਉਣਗੇ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਦੇ ਦਿਨ ਨੂੰ ਪੰਜਾਬ ਲਈ ਇਤਿਹਾਸਕ ਦੱਸਿਆ।