ਮਾਮਲੇ ਦੀ ਅਗਲੀ ਸੁਣਵਾਈ 3 ਜਨਵਰੀ ਨੂੰ ਹੋਵੇਗੀ
ਜਲੰਧਰ/ਬਿਊਰੋ ਨਿਊਜ਼ : ਕਪੂਰਥਲਾ ਦੇ ਬਹੁਚਰਚਿਤ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ’ਚ ਫਰਾਰ ਚੱਲ ਰਹੇ ਬਰਖਾਸਤ ਐਸਐਚਓ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਪ੍ਰੰਤੂ ਕੋਰਟ ਵੱੱਲੋਂ ਬਰਖਾਸਤ ਐਸਐਚਓ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਰਾਜੇਸ਼ ਬਿੰਦਲ ਦੀ ਬੈਂਚ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 3 ਜਨਵਰੀ ਤੈਅ ਕੀਤੀ ਜਾਵੇਗੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੀ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ ਕੀਤੀ ਜਾ ਚੁੱਕੀ ਹੈ। ਜਿਸ ਤੋਂ ਬਾਅਦ ਨਵਦੀਪ ਸਿੰਘ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਜ਼ਿਕਰਯੋਗ ਹੈ ਕਿ ਲੰਘੀ 16 ਅਗਸਤ ਨੂੰ ਮਾਨਵਜੀਤ ਸਿੰਘ ਅਤੇ ਵਿਸ਼ਵਜੀਤ ਸਿੰਘ ਜਲੰਧਰ ਦੇ ਥਾਣਾ ਡਵੀਜ਼ਨ ’ਚ ਕਿਸੇ ਝਗੜੇ ਦੇ ਸਿਲਸਿਲੇ ਪਹੁੰਚੇ ਸਨ। ਇਸੇ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਥਾਣੇ ਤੋਂ ਬਾਹਰ ਕੱਢ ਦਿੱਤਾ ਸੀ। ਇਸ ਜਲਾਲਤ ਤੋਂ ਬਾਅਦ ਮਾਨਵਜੀਤ ਅਤੇ ਵਿਸ਼ਵਜੀਤ ਨੇ ਖੁਦਕੁਸ਼ੀ ਕਰ ਲਈ ਸੀ ਅਤੇ ਪਰਿਵਾਰਕ ਮੈਂਬਰਾਂ ਨੇ ਇਸ ਦਾ ਆਰੋਪ ਬਰਖਾਸਤ ਐਸਐਚਓ ਨਵਦੀਪ ਸਿੰਘ ’ਤੇ ਲਗਾਇਆ ਸੀ। ਜਿਸ ਤੋਂ ਬਾਅਦ ਨਵਦੀਪ ਸਿੰਘ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ ਅਤੇ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਇਸ ਮਾਮਲੇ ’ਚ ਫਰਾਰ ਚੱਲ ਰਿਹਾ ਹੈ।