ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ
ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
ਲੁਧਿਆਣਾ/ਬਿਊਰੋ ਨਿਊਜ਼ :
ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ’ਚ ਅੱਜ ਕਾਂਗਰਸ ਪਾਰਟੀ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਹਲਕਾ ਆਤਮ ਨਗਰ ਤੋਂ ਪਾਰਟੀ ਦੇ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਕੁਲ ਹਿੰਦ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਵੀ ਭੇਜ ਦਿੱਤਾ ਹੈ। ਕੜਵਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲਈ ਸੀ ਪ੍ਰੰਤੂ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਚੋਣ ਹਾਰਨ ਤੋਂ ਬਾਅਦ ਕੜਵਲ ਨੇ ਪਾਰਟੀ ਦੀਆਂ ਸਰਗਰਮੀਆਂ ਵਿਚ ਹਿੱਸਾ ਲੈਣਾ ਬੰਦ ਕਰ ਦਿੱਤਾ ਸੀ। ਕੜਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ’ਚ ਉਨ੍ਹਾਂ ਦਾ ਸਫ਼ਰ ਬਹੁਤ ਵਧੀਆ ਰਿਹਾ ਹੈ ਪ੍ਰੰਤੂ ਪੰਜਾਬ ਕਾਂਗਰਸ ਦੀ ਮੌਜੂਦਾ ਲੀਡਰਸ਼ਿਪ ਦੀਆਂ ਗਲਤ ਨੀਤੀਆਂ ਕਾਰਨ ਉਨ੍ਹਾਂ ਨੂੰ ਪਾਰਟੀ ਛੱਡਣ ਦਾ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਸਰਮਾਏਦਾਰਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ, ਜਿਸ ਵਿਚ ਆਮ ਵਰਕਰਾਂ ਦੀ ਕੋਈ ਇੱਜ਼ਤ ਨਹੀਂ ਹੈ। ਕਮਲਜੀਤ ਸਿੰਘ ਕੜਵਲ ਨੂੰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਾਫ਼ੀ ਕਰੀਬੀ ਮੰਨਿਆ ਜਾਂਦਾ ਸੀ। ਕੜਵਲ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਛੱਡਣ ਦਾ ਫੈਸਲਾ ਵਾਪਸ ਲੈਣ ਲਈ ਵੀ ਕਿਹਾ ਪ੍ਰੰਤੂ ਉਹ ਆਪਣੇ ਫ਼ੈਸਲੇ ’ਤੇ ਅਟੱਲ ਹਨ। ਮੀਡੀਆ ਰਿਪੋਰਟਾਂ ਤੋਂ ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਕਮਲਜੀਤ ਸਿੰਘ ਕੜਵਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।