ਆਮ ਲੋਕਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਕੀਤੀ ਹਾਸਲ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੁਸ਼ਿਆਰਪੁਰ ਦੀ ਤਹਿਸੀਲ ਕੰਪਲੈਕਸ ਵਿਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਿੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ, ਉਥੇ ਹੀ ਆਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਅਤੇ ਮੌਕੇ ’ਤੇ ਕਈ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੰਘੇ ਕੱਲ੍ਹ ਮੈਂ ਦੋ ਸਕੂਲਾਂ ਵਿਚ ਗਿਆ ਸੀ ਅਤੇ ਅੱਜ ਹੁਸ਼ਿਆਰਪੁਰ ਦੀ ਤਹਿਸੀਲ ਵਿਚ ਆਇਆ ਹਾਂ। ਮੈਂ ਲੋਕਾਂ ਲਈ ਆਇਆ ਹਾਂ ਅਤੇ ਹਮੇਸ਼ਾ ਲੋਕਾਂ ਵਿਚਾਲੇ ਹੀ ਰਹਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਇਹ ਸਿਲਸਿਲਾ ਲਗਾਤਾਰ ਜਾਰੀ ਰੱਖਾਂਗਾ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਅਤੇ ਐਸ ਐਸ ਪੀ ਨੂੰ ਇਥੇ ਇਕ ਬੇਸ ਕੈਂਪ ਬਣਾਉਣ ਦੇ ਹੁਕਮ ਦਿੱਤੇ ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਦੌਰਾਨ ਆਉਂਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਹੋ ਸਕੇ ਅਤੇ ਦੂਰ-ਨੇੜਿਓਂ ਕੰਮ ਕਰਵਾਉਣ ਆਏ ਵਿਅਕਤੀਆਂ ਦਾ ਕੰਮ ਮੌਕੇ ’ਤੇ ਹੀ ਹੋ ਸਕੇ।