ਸ਼ੋ੍ਰਮਣੀ ਅਕਾਲੀ ਦਲ ਨੇ ਮਨਾਇਆ ਆਪਣਾ 103ਵਾਂ ਸਥਾਪਨਾ ਦਿਵਸ
ਅੰਮਿ੍ਰਤਸਰ/ਬਿਊਰੋ ਨਿਊਜ
ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਖ਼ਾਲਸਾ ਨਿਹੰਗ ਸਿੰਘ (ਅੰਮਿ੍ਰਤਸਰ) ਵਿਖੇ ਆਪਣੀ ਪਾਰਟੀ ਦਾ 103ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖ਼ੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼ਬਦ ਕੀਰਤਨ ਵੀ ਹੋਇਆ। ਇਸੇ ਦੌਰਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਉਹ ਮੁਆਫੀ ਮੰਗਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਜੇਕਰ ਕਿਸੇ ਦਾ ਵੀ ਮਨ ਦੁਖੀ ਹੋਇਆ ਹੋਵੇ, ਹਰ ਉਸ ਕਾਰਵਾਈ ਲਈ ਉਹ ਮੁਆਫੀ ਮੰਗਦੇ ਹਨ। ਸੁਖਬੀਰ ਬਾਦਲ ਨੇ ਇਸ ਮੌਕੇ ਇਕੱਤਰ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਮੂਹ ਪੰਥਕ ਧਿਰਾਂ ਨੂੰ ਇਕ ਪਲੇਟਫ਼ਾਰਮ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ। ਇਸ ਸਮਾਗਮ ਵਿਚ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਸਣੇ ਹੋਰ ਸੀਨੀਅਰ ਅਕਾਲੀ ਆਗੂ ਅਤੇ ਪਾਰਟੀ ਵਰਕਰ ਮੌਜੂਦ ਸਨ।