ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੀਟਿੰਗ ’ਚ ਹੋਣਗੇ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਮਾਮਲੇ ਸਬੰਧੀ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਸਰਕਾਰ ਦੋਵੇਂ ਸੂਬਿਆਂ ਵਿਚ ਵਿਚੋਲਗੀ ਕਰੇਗੀ। ਐਸ.ਵਾਈ.ਐਲ. ਮਾਮਲੇ ’ਤੇ ਆਉਂਦੀ 28 ਦਸੰਬਰ ਨੂੰ ਭਾਰਤ ਸਰਕਾਰ ’ਚ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਚੰਡੀਗੜ੍ਹ ਵਿਚ ਮੀਟਿੰਗ ਕਰਨਗੇ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਮੀਦ ਕੀਤੀ ਕਿ ਇਸ ਮੀਟਿੰਗ ਦੌਰਾਨ ਐਸ.ਵਾਈ.ਐਲ. ਨੂੰ ਲੈ ਕੇ ਕੁਝ ਹੱਲ ਨਿਕਲ ਸਕਦੇ ਹਨ। ਦੱਸਣਯੋਗ ਹੈ ਕਿ ਐਸ.ਵਾਈ.ਐਲ. ਨਹਿਰ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਮਾਮਲੇ ਵਿਚ ਦੋ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਸੀ ਅਤੇ ਕਿਹਾ ਸੀ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਰਾਜਨੀਤੀ ਨਾ ਕਰੇ। ਉਚ ਅਦਾਲਤ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਹੋਣ ਵਾਲੀ ਡਿਵੈਲਪਮੈਂਟ ਸਬੰਧੀ ਰਿਪੋਰਟ ਮੰਗੀ ਸੀ ਅਤੇ ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਮਹੀਨੇ ਜਨਵਰੀ ਵਿਚ ਹੋਵੇਗੀ।