-5.9 C
Toronto
Friday, February 6, 2026
spot_img
Homeਪੰਜਾਬਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ 'ਚ ਕਿਸਾਨਾਂ ਦੇ ਮਸਲੇ ਉਠਾਏ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ‘ਚ ਕਿਸਾਨਾਂ ਦੇ ਮਸਲੇ ਉਠਾਏ

ਕਿਹਾ : ਭਾਰਤ ਸਰਕਾਰ ਨੂੰ ਵਪਾਰਕ ਉਦੇਸ਼ਾਂ ਲਈ ਖੋਲ੍ਹ ਦੇਣਾ ਚਾਹੀਦਾ ਹੈ ਵਾਹਗਾ ਬਾਰਡਰ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਸੈਕਟਰ ਅਤੇ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਉਠਾਏ। ਉਨ੍ਹਾਂ ਮੰਗ ਕੀਤੀ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਾਹਗਾ ਬਾਰਡਰ ਨੂੰ ਵਪਾਰਕ ਮੰਤਵਾਂ ਲਈ ਖੋਲ੍ਹਿਆ ਜਾਣਾ ਚਾਹੀਦਾ ਹੈ ਕਿਉਂਕਿ ਜਦੋਂ ਸਾਡੇ ਕਿਸਾਨ 5 ਰੁਪਏ ਕਿਲੋ ਆਲੂ ਵੇਚ ਰਹੇ ਹਨ ਤਾਂ ਪਾਕਿਸਤਾਨ ਵਿੱਚ ਇਹ 150 ਰੁਪਏ ਕਿਲੋ ਵਿਕ ਰਿਹਾ ਹੈ। ਇਹ ਉਹੀ ਆਲੂ ਹੈ ਪਰ ਇਹ ਗੁਜਰਾਤ ਜਾਂ ਦੁਬਈ ਰਾਹੀਂ ਪਾਕਿਸਤਾਨ ਪਹੁੰਚਦਾ ਹੈ। ਸੀਚੇਵਾਲ ਹੋਰਾਂ ਕਿਹਾ ਕਿ ਵਪਾਰਕ ਮੰਤਵਾਂ ਲਈ ਵਾਹਗਾ ਬਾਰਡਰ ਖੋਲ੍ਹਣ ਨਾਲ ਪੰਜਾਬ ਅਤੇ ਇਸਦੇ ਖੇਤੀਬਾੜੀ ਸੈਕਟਰ ਨੂੰ ਵਿੱਤੀ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਚੀਨ ਨਾਲ ਸਾਡੇ ਮਤਭੇਦਾਂ ਅਤੇ ਮੁੱਦਿਆਂ ਦੇ ਬਾਵਜੂਦ ਅਸੀਂ ਉਨ੍ਹਾਂ ਨਾਲ ਵਪਾਰ ਕਰਦੇ ਹਾਂ ਅਤੇ ਪਾਕਿਸਤਾਨ ਲਈ ਵੀ ਅਜਿਹਾ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਕਾਰਨ ਦਰਪੇਸ਼ ਮੁਸ਼ਕਲਾਂ ਬਾਰੇ ਸੰਸਦ ਨੂੰ ਜਾਣੂ ਕਰਵਾਇਆ।
ਰਾਜ ਸਭਾ ਵਿਚ ਕਿਸਾਨਾਂ ਦੀਆਂ ਮੰਗਾਂ ਉਠਾਉਂਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਹੁਣ ਖੇਤੀ ਲਾਹੇਵੰਦ ਧੰਦਾ ਨਾ ਹੋਣ ਕਰ ਕੇ ਪੰਜਾਬ ਦੀ ਜਵਾਨੀ ਵਿਦੇਸ਼ਾਂ ਵੱਲ ਤੇਜ਼ੀ ਨਾਲ ਜਾ ਰਹੀ। ਕਿਸਾਨ ਜਿਹੜੀ ਜ਼ਮੀਨ ਨੂੰ ਆਪਣੀ ਮਾਂ ਨਾਲੋਂ ਵੀ ਵੱਧ ਪਿਆਰ ਕਰਦਾ ਹੈ ਉਸ ਨੂੰ ਛੱਡਣ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਕਿਸਾਨ ਤੇ ਮਜ਼ਦੂਰ ਖੁਦਕੁਸ਼ੀਆਂ ਕਰ ਰਹੇ ਹਨ। ਤਾਜ਼ਾ ਆਈਆਂ ਰਿਪੋਰਟਾਂ ਅਨੁਸਾਰ ਦੇਸ਼ ਵਿੱਚ ਰੋਜ਼ਾਨਾ 114 ਕਿਸਾਨ, ਮਜ਼ਦੂਰ ਤੇ ਦਿਹਾੜੀਦਾਰ ਖੁਦਕੁਸ਼ੀਆਂ ਕਰ ਰਹੇ ਹਨ। ਸੰਤ ਸੀਚੇਵਾਲ ਨੇ ਸਦਨ ਵਿੱਚ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸਰਕਾਰ ਵੱਲੋਂ ਮੰਨੀਆਂ ਮੰਗਾਂ ਵੀ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਜੇਕਰ ਸਰਕਾਰ ਐੱਮਐੱਸਪੀ ਦੀ ਗਾਰੰਟੀ ਦਾ ਕਾਨੂੰਨ ਬਣਾ ਦੇਵੇ ਤਾਂ ਇਸ ਦਾ ਲਾਭ ਕਿਸਾਨਾਂ ਨੂੰ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰੇਕ ਸਾਲ 23 ਫਸਲਾਂ ‘ਤੇ ਐੱਮਐਸਪੀ ਐਲਾਨਦੀ ਹੈ ਪਰ ਕਣਕ ਤੇ ਝੋਨੇ ਨੂੰ ਛੱਡ ਕੇ ਕਿਸਾਨਾਂ ਦੀਆਂ ਬਾਕੀ ਫਸਲਾਂ ਐੱਮਐੱਸਪੀ ‘ਤੇ ਨਹੀਂ ਖਰੀਦੀਆਂ ਜਾਂਦੀਆਂ।

 

RELATED ARTICLES
POPULAR POSTS