Breaking News
Home / ਪੰਜਾਬ / ਹੁਣ ਸਰਕਾਰੀ ਦਫਤਰਾਂ ਵਿਚ ਲੋਕਾਂ ਦੀ ਖੱਜਲ ਖੁਆਰੀ ਖਤਮ : ਭਗਵੰਤ ਮਾਨ

ਹੁਣ ਸਰਕਾਰੀ ਦਫਤਰਾਂ ਵਿਚ ਲੋਕਾਂ ਦੀ ਖੱਜਲ ਖੁਆਰੀ ਖਤਮ : ਭਗਵੰਤ ਮਾਨ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਦਾ ਆਗਾਜ਼; ਲੋਕਾਂ ਨੂੰ ਘਰ ਬੈਠੇ ਹੀ ਮਿਲਣਗੀਆਂ 43 ਸਹੂਲਤਾਂ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਾਸੀਆਂ ਨੂੰ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ ਜਿਸ ਨਾਲ 43 ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਹੀ ਮਿਲਣਗੀਆਂ। ਲੁਧਿਆਣਾ ਦੇ ਪਿੰਡ ਧਨਾਨਸੂ ਸਥਿਤ ਸਾਈਕਲ ਵੈਲੀ ਵਿੱਚ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਯੋਜਨਾ ਦਾ ਉਦਘਾਟਨ ਕੀਤਾ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਮਾਨਦਾਰ ਸਰਕਾਰ ਨੇ ਸੂਬੇ ਵਿੱਚ ਅਸੰਭਵ ਜਾਪਣ ਵਾਲੀ ਗੱਲ ਨੂੰ ਹਕੀਕਤ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੋਂ ਆਮ ਆਦਮੀ ਦਾ ਮਾਣ-ਸਤਿਕਾਰ ਬਹਾਲ ਹੋਵੇਗਾ ਕਿਉਂਕਿ ਹੁਣ ਸਰਕਾਰੀ ਦਫ਼ਤਰਾਂ ਵਿੱਚ ਉਸ ਦੀ ਖੱਜਲ-ਖੁਆਰੀ ਹਮੇਸ਼ਾ ਲਈ ਖਤਮ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੇ ਅਰਵਿੰਦ ਕੇਜਰੀਵਾਲ ਦੀ ਸੋਚ ਵਿੱਚੋਂ ਉਪਜੇ ‘ਦਿੱਲੀ ਮਾਡਲ’ ਨੂੰ ਅਪਣਾਇਆ ਹੈ ਜਿਸ ਨਾਲ ਸੂਬੇ ਵਿੱਚ ਜੁਆਬਦੇਹੀ ਅਤੇ ਪਾਰਦਰਸ਼ੀ ਸ਼ਾਸਨ ਵਾਲੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।
ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਨਾਗਰਿਕ ਕੇਂਦਰਿਤ ਮਾਡਲ ਸਮੁੱਚੇ ਦੇਸ਼ ਵਿੱਚ ਲਾਗੂ ਹੋਵੇਗਾ ਜਿਸ ਨਾਲ ਦੇਸ਼ ਵਾਸੀਆਂ ਨੂੰ ਬਿਹਤਰ ਸੇਵਾਵਾਂ ਹਾਸਲ ਹੋਣਗੀਆਂ। ਉਨ੍ਹਾਂ ਕਿਹਾ ਕਿ ਟੌਲ ਫਰੀ ਨੰਬਰ 1076 ਲੋਕਾਂ ਨੂੰ ਉਨ੍ਹਾਂ ਦੇ ਘਰ ਨਿਰਧਾਰਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ 43 ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਪਰ ਸੂਬਾ ਸਰਕਾਰ ਦੀਆਂ 80 ਤੋਂ ਵੱਧ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਕਰਵਾਉਣ ਲਈ ਪਾਰਟੀ ਦੇ ਸਾਰੇ ਵਿਧਾਇਕ ਇਸ ਸਕੀਮ ਉਤੇ ਨਿਰੰਤਰ ਨਜ਼ਰ ਰੱਖਣਗੇ ਤਾਂ ਜੋ ਆਮ ਆਦਮੀ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪਿਛਲੀਆਂ ਸਰਕਾਰਾਂ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੀ ਲੇਖਾ-ਜੋਖਾ ਪੇਸ਼ ਕੀਤਾ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀ ਗਈ ਇੱਕ-ਇੱਕ ਗਾਰੰਟੀ ਹਰ ਹਾਲ ਵਿੱਚ ਪੂਰੀ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਨੇ ਬਰਾਬਰੀ ਵਾਲੇ ਸਮਾਜ ਦਾ ਸੁਫ਼ਨਾ ਦੇਖਿਆ ਸੀ ਪਰ ਪਿਛਲੇ 75 ਸਾਲਾਂ ਦੌਰਾਨ ਦੇਸ਼ ਭਗਤਾਂ ਦੇ ਇਹ ਸੁਫ਼ਨੇ ਅਧੂਰੇ ਰਹਿ ਗਏ ਕਿਉਂਕਿ ਕਿਸੇ ਨੇ ਵੀ ‘ਸਰਕਾਰ, ਤੁਹਾਡੇ ਦੁਆਰ’ ਵਰਗਾ ਕ੍ਰਾਂਤੀਕਾਰੀ ਕਦਮ ਕਦੇ ਵੀ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਜਲਦੀ ਹੀ ਲੋਕਾਂ ਨੂੰ 100 ਫ਼ੀਸਦੀ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰ ‘ਤੇ ਪ੍ਰਾਪਤ ਹੋਣਗੀਆਂ। ਉਨ੍ਹਾਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰਨ ਲਈ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਜੋਂ ‘ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ’ ਸ਼ੁਰੂ ਕੀਤਾ ਸੀ ਅਤੇ ਕਈ ਵੱਡੀਆਂ ਭ੍ਰਿਸ਼ਟ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਉਨ੍ਹਾਂ ਤੋਂ ਬਰਾਮਦ ਹੋਏ ਪੈਸੇ ਨੂੰ ਸੂਬੇ ਦੇ ਵਿਕਾਸ ਲਈ ਵਰਤਿਆ ਜਾ ਰਿਹਾ ਹੈ। ਸਮਾਗਮ ਵਿੱਚ ਮੰਤਰੀ ਮੰਡਲ ਦੇ ਕਈ ਵਜ਼ੀਰ, ਵਿਧਾਇਕ ਤੇ ਵਰਕਰਾਂ ਵੀ ਸ਼ਾਮਲ ਹੋਏ।

 

Check Also

ਪੰਜਾਬ ਅਤੇ ਨੇੜਲੇ ਇਲਾਕਿਆਂ ’ਚ ਵਧੀ ਗਰਮੀ

ਪਾਰਾ 37 ਡਿਗਰੀ ਤੋਂ ਪਾਰ-ਹੀਟ ਵੇਵ ਦਾ ਵੀ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਨੇੜਲੇ ਇਲਾਕਿਆਂ …