-1.5 C
Toronto
Friday, December 19, 2025
spot_img
Homeਪੰਜਾਬ18 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਕਰਨ ਦਾ ਐਲਾਨ

18 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਕਰਨ ਦਾ ਐਲਾਨ

ਮਾਝਾ ਤੇ ਮਾਲਵਾ ‘ਚ ਇਕੱਠਾਂ ਦੌਰਾਨ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂਆਂ ਨੇ ਕਿਸਾਨੀ ਮੰਗਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਲਈ ਦਿੱਲੀ ਕੂਚ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚੋਂ ਜਥੇਬੰਦੀਆਂ ਨੇ ਕੇਂਦਰ ਸਰਕਾਰ ਕੋਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਅਤੇ ਦਿੱਲੀ ਮੋਰਚੇ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਵੱਡੇ ਸੰਘਰਸ਼ਾਂ ਦੀ ਤਿਆਰੀ ਵਜੋਂ 2 ਜਨਵਰੀ ਨੂੰ ਮਾਝੇ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਤੇ ਮਾਲਵਾ ਅੰਦਰ ਬਰਨਾਲਾ ਵਿੱਚ 6 ਜਨਵਰੀ ਨੂੰ ਵੱਡੇ ਇੱਕਠ ਕੀਤੇ ਜਾਣਗੇ।
ਇਨ੍ਹਾਂ ਇਕੱਠਾਂ ਦੌਰਾਨ ਦਿੱਲੀ ਕੂਚ ਦੀਆਂ ਤਰੀਕਾਂ ਐਲਾਨੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਦੋਹਾਂ ਫੋਰਮਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਸਾਰੀਆਂ ਫ਼ਸਲਾਂ ਲਈ ਐੱਮਐੱਸਪੀ ਗਾਰੰਟੀ ਕਾਨੂੰਨ ਬਣਾ ਕੇ ਸਾਰੀਆਂ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ, ਪਿਛਲੇ ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿੰਦੀਆਂ ਮੰਗਾਂ ਜਿਵੇਂ ਕਿ ਲਖੀਮਪੁਰ ਖੀਰੀ ਕਤਲ ਕਾਂਡ ਦਾ ਇਨਸਾਫ਼ ਦੇਣ, ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਗ੍ਰਿਫਤਾਰ ਕਰਨ, ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ, ਸਾਰੇ ਕਥਿਤ ਆਰੋਪੀਆਂ ‘ਤੇ ਬਣਦੀ ਕਾਰਵਾਈ ਅਤੇ ਹੋਏ ਸਮਝੌਤੇ ਅਨੁਸਾਰ ਜ਼ਖਮੀਆਂ ਨੂੰ ਦਸ-ਦਸ ਲੱਖ ਰੁਪਏ ਦਾ ਮੁਆਵਜ਼ਾ ਦੇਣ, ਦਿੱਲੀ ਮੋਰਚੇ ਸਮੇਤ ਦੇਸ਼ ਭਰ ਦੇ ਸਾਰੇ ਅੰਦੋਲਨਾਂ ਦੌਰਾਨ ਪਾਏ ਗਏ ਹਰ ਤਰ੍ਹਾਂ ਦੇ ਕੇਸ ਰੱਦ ਕਰਨ, ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣ ਆਦਿ ਮਸਲੇ ਹੱਲ ਕਰਨ ਦੀ ਮੰਗ ਕੀਤੀ। ਮੀਟਿੰਗ ਵਿੱਚ ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਨਿਆਲ, ਗੁਰਮੀਤ ਸਿੰਘ ਮਾਂਗਟ, ਬਲਦੇਵ ਸਿੰਘ ਜ਼ੀਰਾ, ਅਮਰਜੀਤ ਮੋਹੜੀ, ਤੇਜਬੀਰ ਸਿੰਘ, ਗੁਰਵਿੰਦਰ ਸਿੰਘ ਸਦਰਪੁਰਾ, ਗੁਰਿੰਦਰ ਸਿੰਘ ਭੰਗੂ, ਕੁਲਵਿੰਦਰ ਸਿੰਘ ਸੋਨੀ ਅਤੇ ਕੰਵਰਦਲੀਪ ਸੈਦੋਲੇਹਲ ਸ਼ਾਮਲ ਸਨ।

 

RELATED ARTICLES
POPULAR POSTS