ਬਠਿੰਡਾ ’ਚ ਨਵਜੋਤ ਸਿੰਘ ਸਿੱਧੂ ਨੇ ਕੀਤੀ ‘ਜਿੱਤੇਗਾ ਪੰਜਾਬ ਰੈਲੀ’
ਕਿਹਾ : ਪੰਜਾਬ ਦੀ ਫਿਕਰ ਛੱਡ ਮਾਨ ਸਰਕਾਰ ਆਪਣੇ ਘਰ ਭਰਨ ’ਚ ਰੁੱਝੀ
ਬਠਿੰਡਾ/ਬਿਊਰੋ ਨਿਊਜ਼ :
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜਾਬ ’ਚ ਕਾਂਗਰਸੀ ਆਗੂ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਇਸੇ ਦੇ ਚਲਦਿਆਂ ਪੰਜਾਬ ਦੇ ਬਠਿੰਡਾ ’ਚ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਵਿਚ ਪੰਜਾਬ ਕਾਂਗਰਸ ਦੇ ਵਰਕਰ ਬਹੁਤ ਵੱਡੀ ਗਿਣਤੀ ਵਿਚ ਪਹੁੰਚੇ ਅਤੇ ਕਾਂਗਰਸ ਪਾਰਟੀ ਦੀ ਇਸ ਰੈਲੀ ਨੂੰ ‘ਜਿੱਤੇਗਾ ਪੰਜਾਬ ਰੈਲੀ’ ਦਾ ਨਾਮ ਦਿੱਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਪੰਜਾਬ ਸਰਕਾਰ ’ਤੇ ਜਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਰੰਗਲਾ ਪੰਜਾਬ ਕਹਿਣ ਵਾਲਿਆਂ ਨੇ ਪੰਜਾਬ ਨੂੰ ਕੰਗਲਾ ਬਣਾ ਕੇ ਰੱਖ ਦਿੱਤਾ ਹੈ। ਕੇਜਰੀਵਾਲ ਨੇ ਝੂਠ ਬੋਲ ਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਅਤੇ ਪੰਜਾਬ ਅੰਦਰ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ। ਉਨ੍ਹਾਂ ਕਿਹਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਘਰ ਭਰਨ ਵਿਚ ਰੁੱਝੀ ਹੋਈ ਹੈ। ਇਸ ਮੌਕੇ ਸਿੱਧੂ ਨੇ ਕਿਹਾ ਪੰਜਾਬ ਨੂੰ ਚੰਗੇ ਕਿਰਦਾਰ ਵਾਲੇ ਲੋਕਾਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਮਾਫ਼ੀ ਮੰਗ ਕੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਗੁਨਾਹ ਕੀਤਾ ਹੈ। ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਨੂੰ ਲੁੱਟਿਆ ਹੈ। ਸਿੱਧੂ ਨੇ ਕਿਹਾ ਕਿ ਮੈਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਕਿਹਾ ਸੀ ਕਿ ਜੇਕਰ ਚੰਗਾ ਰਾਜ ਕਰੋਗੇ ਤਾਂ ਪੰਜਾਬ ਵਿਚ ਦੁਬਾਰਾ ਤੋਂ ਕਾਂਗਰਸ ਪਾਰਟੀ ਜਿੱਤੇਗੀ ਪ੍ਰੰਤੂ ਉਹ ਵੀ ਨਹੀਂ ਮੰਨੇੇ। ਇਸ ਮੌਕੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਰਮਿੰਦਰ ਆਂਵਲਾ ਨੇ ਕਿਹਾ ਕਿ ਪੰਜਾਬ ਕਾਂਗਰਸ ਨੂੰ ਆਪਣੇ ਬਲਬੂਤੇ ’ਤੇ ਲੋਕ ਸਭਾ ਚੋਣਾਂ ਲੜਨੀਆਂ ਚਾਹੀਦੀਆਂ ਹਨ।