ਵਿੱਤੀ ਸੰਕਟ ਨਾਲ ਜੂੁਝ ਰਹੀ ਕਾਂਗਰਸ ਦਾ ਉਪਰਾਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਅੱਜ ਔਨਲਾਈਨ ਚੰਦਾ ਇਕੱਠਾ ਕਰਨ ਲਈ ‘ਦੇਸ਼ ਲਈ ਦਾਨ’ ਨਾਮ ਦੀ ਮੁਹਿੰਮ ਸ਼ੁਰੂ ਕੀਤੀ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਕਾਂਗਰਸ ਪਾਰਟੀ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ। ਦੇਸ਼ ਦੀ ਮੁੱਖ ਵਿਰੋਧੀ ਸਿਆਸੀ ਪਾਰਟੀ ਕਾਂਗਰਸ ਨੇ ਇਸ ਮੁਹਿੰਮ ਰਾਹੀਂ 28 ਦਸੰਬਰ ਨੂੰ ਆਪਣੇ 138ਵੇਂ ਸਥਾਪਨਾ ਦਿਵਸ ਤੋਂ ਪਹਿਲਾਂ 138 ਰੁਪਏ, 1380 ਰੁਪਏ, 13800 ਰੁਪਏ ਜਾਂ ਇਸ ਤੋਂ 10 ਗੁਣਾ ਜ਼ਿਆਦਾ ਰਾਸ਼ੀ ਦਾਨ ਕਰਨ ਦੀ ਅਪੀਲ ਕੀਤੀ ਹੈ। ਪਾਰਟੀ ਦੇ ਸੂਤਰਾਂ ਅਨੁਸਾਰ ਵਿੱਤੀ ਸੰਕਟ ਨਾਲ ਜੂਝ ਰਹੀ ਕਾਂਗਰਸ ਪਾਰਟੀ ਨੂੰ ਭਾਰਤੀ ਜਨਤਾ ਪਾਰਟੀ ਦੀ ਚੋਣ ਮਸ਼ੀਨਰੀ ਨਾਲ ਲੜਨ ਲਈ ਫੰਡਾਂ ਦੀ ਜ਼ਰੂਰਤ ਹੈ। ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਾਂਗਰਸ ਪਾਰਟੀ ਦੇਸ਼ ਦੇ ਲਈ ਦਾਨ ਕਰਨ ਦੀ ਅਪੀਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅਮੀਰ ਵਿਅਕਤੀਆਂ ’ਤੇ ਨਿਰਭਰ ਹੁੰਦੇ ਹਾਂ ਤਾਂ ਸਾਨੂੰ ਉਨ੍ਹਾਂ ਦੀਆਂ ਨੀਤੀਆਂ ਵੀ ਮੰਨਣੀਆਂ ਪੈਂਦੀਆਂ ਹਨ। ਇਸੇ ਦੌਰਾਨ ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਜੇਕਰ ਅਸੀਂ ਆਮ ਲੋਕਾਂ ਕੋਲੋਂ ਚੰਦਾ ਲਵਾਂਗੇ ਤਾਂ ਸਾਡੇ ’ਤੇ ਕੋਈ ਦਬਾਅ ਨਹੀਂ ਹੋਵੇਗਾ ਅਤੇ ਅਸੀਂ ਬਿਨਾ ਦਬਾਅ ਤੋਂ ਕੰਮ ਕਰ ਸਕਾਂਗੇ।