ਭਾਰਤ ’ਚ ਕਰੋਨਾ ਵਾਇਰਸ ਦੇ ਮੁੜ ਤੋਂ ਵਧਣ ਲੱਗੇ ਮਾਮਲੇ
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆਂ ਨੇ ਰਾਜਾਂ ਨੂੰ ਚੌਕਸ ਰਹਿਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼ :
ਦੇਸ਼ ਵਿਚ ਕਰੋਨਾ ਵਾਇਰਸ ਦੇ ਮੁੜ ਤੋਂ ਮਾਮਲੇ ਵਧਣੇ ਸ਼ੁਰ ਹੋ ਗਏ ਹਨ। ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਵੱਲੋਂ ਕੋਵਿਡ-19 ’ਤੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਅਜਿਹੇ ਸਮੇਂ ਸਾਰੇ ਰਾਜਾਂ ਅਤੇ ਲੋਕਾਂ ਨੂੰ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਤੋਂ ਸਾਨੂੰ ਚੌਕਸ ਰਹਿਣ ਦੀ ਲੋੜ ਹੈ ਪ੍ਰੰਤੂ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਹਸਪਤਾਲਾਂ ਦੀ ਤਿਆਰੀ, ਨਿਗਰਾਨੀ ਵਧਾਉਣ ਅਤੇ ਲੋਕਾਂ ਨਾਲ ਪ੍ਰਭਾਵਸ਼ਾਲੀ ਸੰਚਾਰ ਦੇ ਮੌਕ ਡਰਿੱਲ ਨਾਲ ਤਿਆਰ ਰਹਿਣਾ ਮਹੱਤਵਪੂਰਨ ਹੈ ਅਤੇ ਹਰ 3 ਮਹੀਨਿਆਂ ਵਿਚ ਇਕ ਵਾਰ ਸਾਰੇ ਹਸਪਤਾਲਾਂ ਵਿਚ ਇਕ ਮੌਕ ਡਰਿੱਲ ਕੀਤੀ ਜਾਣੀ ਚਾਹੀਦੀ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਮੈਂ ਸਾਰੇ ਰਾਜਾਂ ਨੂੰ ਕੇਂਦਰ ਸਰਕਾਰ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਉਂਦਾ ਹਾਂ ਕਿਉਂਕਿ ਸਿਹਤ ਰਾਜਨੀਤੀ ਦਾ ਖ਼ੇਤਰ ਨਹੀਂ ਹੈ। ਇਸ ਦੇ ਨਾਲ ਹੀ ਮਨਸੁਖ ਮਾਂਡਵੀਆ ਨੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਰਦੀਆਂ ਦੇ ਮੌਸਮ ਅਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਠੰਡ ਦੇ ਮੱਦੇਨਜ਼ਰ ਰੋਕਥਾਮ ਦੇ ਉਪਾਅ ਯਕੀਨੀ ਬਣਾਉਣ ਲਈ ਕਿਹਾ ਹੈ।