Breaking News
Home / ਭਾਰਤ / ‘ਇੰਡੀਆ’ ਗੱਠਜੋੜ ਵੱਲੋਂ ਸੀਟਾਂ ਦੀ ਵੰਡ ਬਾਰੇ ਫੈਸਲਾ ਛੇਤੀ

‘ਇੰਡੀਆ’ ਗੱਠਜੋੜ ਵੱਲੋਂ ਸੀਟਾਂ ਦੀ ਵੰਡ ਬਾਰੇ ਫੈਸਲਾ ਛੇਤੀ

ਜਨਵਰੀ ਦੇ ਦੂਜੇ ਹਫਤੇ ਹੋਣ ਵਾਲੀ ਮੀਟਿੰਗ ‘ਚ ਹੋ ਸਕਦੀ ਹੈ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਮੁੱਖ ਆਗੂਆਂ ਦੀ ਮੀਟਿੰਗ ਵਿੱਚ ਤੈਅ ਹੋਇਆ ਹੈ ਕਿ ਜਨਵਰੀ 2024 ਦੇ ਦੂਜੇ ਹਫ਼ਤੇ ਤੱਕ ਸੀਟਾਂ ਦੀ ਵੰਡ ਬਾਰੇ ਫੈਸਲਾ ਲੈ ਲਿਆ ਜਾਵੇਗਾ ਤੇ ਇਸ ਦੀ ਸ਼ੁਰੂਆਤ ਸੂਬਾ ਪੱਧਰ ਤੋਂ ਕੀਤੀ ਜਾਵੇਗੀ। ਮੀਟਿੰਗ ‘ਚ ਇਹ ਵੀ ਫੈਸਲਾ ਕੀਤਾ ਗਿਆ ਕਿ ਗੱਠਜੋੜ ਵੱਲੋਂ ਪ੍ਰਧਾਨ ਮੰਤਰੀ ਦੇ ਚਿਹਰੇ ਬਾਰੇ ਫੈਸਲਾ ਚੋਣਾਂ ਜਿੱਤਣ ਤੋਂ ਬਾਅਦ ਲਿਆ ਜਾਵੇਗਾ। ਮੀਟਿੰਗ ‘ਚ ਵਿਰੋਧੀ ਧਿਰ ਦੀਆਂ ਕੁੱਲ 28 ਪਾਰਟੀਆਂ ਦੇ ਆਗੂ ਸ਼ਾਮਲ ਹੋਏ।
ਗੱਠਜੋੜ ਨੇ ਬੈਠਕ ਵਿਚ ਫੈਸਲਾ ਕੀਤਾ ਕਿ 2024 ਦੀਆਂ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ਫੈਸਲਾ ਜਲਦੀ ਤੋਂ ਜਲਦੀ ਲਿਆ ਜਾਵੇਗਾ ਤੇ ਇਸ ਸਬੰਧੀ ਪ੍ਰਕਿਰਿਆ ਸੂਬਾ ਪੱਧਰ ਉਤੇ ਸ਼ੁਰੂ ਹੋਵੇਗੀ। ਉਨ੍ਹਾਂ ਆਸ ਜਤਾਈ ਕਿ ਗੱਠਜੋੜ ਦੇ ਭਾਈਵਾਲ ਮਿਲ ਕੇ ਅਖੀਰ ਵਿਚ ਪੰਜਾਬ ਤੇ ਦਿੱਲੀ ਵਿਚਲੇ ਗੁੰਝਲਦਾਰ ਮੁੱਦਿਆਂ ਦਾ ਹੱਲ ਕੱਢ ਲੈਣਗੇ। ਗੁੱਟ ਦੀ ਚੌਥੀ ਮੀਟਿੰਗ ਵਿਚ ਟੀਐਮਸੀ ਨੇ ਜ਼ੋਰ ਦਿੱਤਾ ਕਿ ਸੀਟਾਂ ਦੀ ਵੰਡ 31 ਦਸੰਬਰ ਤੱਕ ਮੁਕੰਮਲ ਹੋਣੀ ਚਾਹੀਦੀ ਹੈ।
ਕਾਂਗਰਸ ਨੇ ਜ਼ੋਰ ਦਿੱਤਾ ਕਿ ਸਾਰੇ ਮੁੱਦਿਆਂ ਦੇ ਹੱਲ ਤੋਂ ਬਾਅਦ ਇਸ ਨੂੰ ਜਨਵਰੀ ਦੇ ਦੂਜੇ ਹਫਤੇ ਵਿਚ ਆਖਰੀ ਰੂਪ ਦਿੱਤਾ ਜਾ ਸਕਦਾ ਹੈ। ਮੀਟਿੰਗ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੀਡੀਆ ਨੂੰ ਕਿਹਾ, ”ਗੱਠਜੋੜ ਦੀ ਚੌਥੀ ਬੈਠਕ ‘ਚ 28 ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ। ਖੁਸ਼ੀ ਦੀ ਗੱਲ ਹੈ ਕਿ ਸਾਰਿਆਂ ਨੇ ਇਕਜੁੱਟ ਹੋ ਕੇ ਇਹ ਫ਼ੈਸਲਾ ਕੀਤਾ ਕਿ ਅੱਗੇ ਕਿਸ ਤਰ੍ਹਾਂ ਮਿਲ ਕੇ ਕੰਮ ਕਰਨਾ ਹੈ।” ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ 8-10 ਮੀਟਿੰਗਾਂ ਕਰਨ ਦਾ ਫ਼ੈਸਲਾ ਕੀਤਾ ਹੈ। ਖੜਗੇ ਨੇ ਕਿਹਾ ਪਹਿਲਾਂ ਸੂਬਾ ਪੱਧਰ ‘ਤੇ ਸੀਟਾਂ ਦੀ ਵੰਡ ਬਾਰੇ ਗੱਲਬਾਤ ਹੋਵੇਗੀ। ਪ੍ਰਧਾਨ ਮੰਤਰੀ ਦੇ ਚਿਹਰੇ ਨਾਲ ਜੁੜੇ ਸਵਾਲਾਂ ਦੇ ਜਵਾਬ ਵਿੱਚ ਖੜਗੇ ਨੇ ਕਿਹਾ ਕਿ ਪਹਿਲਾਂ ਜਿੱਤ ਕੇ ਆਉਣਾ ਹੈ ਇਸ ਤੋਂ ਬਾਅਦ ਹੀ ਇਸ ਬਾਰੇ ਗੱਲਬਾਤ ਹੋਵੇਗੀ। ਉਨ੍ਹਾਂ ਕਿਹਾ, ”ਅਸੀਂ ਜਿੱਤਣ ਦੀ ਕੋਸ਼ਿਸ਼ ਕਰਾਂਗੇ। ਇਸ ਮਗਰੋਂ ਸੰਸਦ ਮੈਂਬਰ ਜਮਹੂਰੀ ਢੰਗ ਨਾਲ ਫ਼ੈਸਲਾ ਕਰਨਗੇ।” ਖੜਗੇ ਨੇ ਵੱਡੀ ਗਿਣਤੀ ‘ਚ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸੰਸਦ ‘ਚੋਂ ਮੁਅੱਤਲ ਕਰਨ ਦੀ ਨਿੰਦਾ ਕੀਤੀ। ਮੀਟਿੰਗ ‘ਚ ਮਤਾ ਪਾਸ ਕੀਤਾ ਗਿਆ ਕਿ ਇਹ ਜਮਹੂਰੀਅਤ ਦੇ ਖਿਲਾਫ ਹੈ ਤੇ ਇਸ ਖਿਲਾਫ ਲੜਨਾ ਜ਼ਰੂਰੀ ਹੈ। ਉਨ੍ਹਾਂ ਕਿਹਾ, ”ਅਸੀਂ ਇਹ ਕਹਿ ਰਹੇ ਹਾਂ ਕਿ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਸੰਸਦ ਵਿੱਚ ਆ ਕੇ ਸੁਰੱਖਿਆ ‘ਚ ਹੋਈ ਕੁਤਾਹੀ ਦੇ ਮੁੱਦੇ ‘ਤੇ ਬਿਆਨ ਦੇਣ। ਪਹਿਲਾਂ ਅਜਿਹਾ ਕਦੇ ਨਹੀਂ ਹੋਇਆ ਕਿ ਪ੍ਰਧਾਨ ਮੰਤਰੀ ਸੈਸ਼ਨ ਦੌਰਾਨ ਦੂਜੀਆਂ ਥਾਵਾਂ ‘ਤੇ ਭਾਸ਼ਣ ਦੇਣ ਅਤੇ ਸੰਸਦ ‘ਚ ਨਾ ਆਉਣ।”
ਕੌਮੀ ਰਾਜਧਾਨੀ ਨਵੀਂ ਦਿੱਲੀ ਦੇ ਅਸ਼ੋਕ ਹੋਟਲ ‘ਚ ਹੋਈ ਮੀਟਿੰਗ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਗੱਠਜੋੜ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਨਤਾ ਦਲ (ਯੂ) ਤੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਪਾਰਟੀ ਪ੍ਰਧਾਨ ਰਾਜੀਵ ਰੰਜਨ ਸਿੰਘ ਉਰਫ ਲੱਲਣ ਸਿੰਘ, ਤ੍ਰਿਣਮੂਲ ਕਾਂਗਰਸ ਤੋਂ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਪਾਰਟੀ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ, ਰਾਸ਼ਟਰੀ ਜਨਤਾ ਦਲ ਦੇ ਲਾਲੂ ਪ੍ਰਸਾਦ ਯਾਦਵ ਅਤੇ ਤੇਜਸਵੀ ਯਾਦਵ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਊਧਵ ਠਾਕਰੇ ਤੇ ਆਦਿੱਤਿਆ ਠਾਕਰੇ ਮੀਟਿੰਗ ‘ਚ ਸ਼ਾਮਲ ਸਨ।
ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਪਾਰਟੀ ਦੇ ਜਨਰਲ ਸਕੱਤਰ ਰਾਮ ਗੋਪਾਲ ਯਾਦਵ, ਡੀਐੱਮਕੇ ਤੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਅਤੇ ਸੀਨੀਅਰ ਆਗੂ ਟੀ.ਆਰ. ਬਾਲੂ, ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲ੍ਹਾ, ਪੀਪਲਜ਼ ਡੈਮੋਕਰੈਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫ਼ਤੀ, ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਜੈਅੰਤ ਚੌਧਰੀ, ਅਪਨਾ ਦਲ (ਕੇ) ਦੇ ਕ੍ਰਿਸ਼ਨ ਪਟੇਲ ਅਤੇ ਪੱਲਵੀ ਪਟੇਲ ਸਮੇਤ ਹੋਰ ਕਈ ਆਗੂਆਂ ਨੇ ਮੀਟਿੰਗ ‘ਚ ਹਿੱਸਾ ਲਿਆ।
ਮਮਤਾ ਤੇ ਕੇਜਰੀਵਾਲ ਵੱਲੋਂ ਖੜਗੇ ਦਾ ਨਾਂ ਪ੍ਰਧਾਨ ਮੰਤਰੀ ਦੇ ਚਿਹਰੇ ਵਜੋਂ ਪੇਸ਼
ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ ਦੇ ਗੱਠਜੋੜ ਇੰਡੀਆ ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਵਜੋਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਾਂ ਦੀ ਤਜਵੀਜ਼ ਪੇਸ਼ ਕੀਤੀ। ਉੱਥੇ ਹੀ ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ ਸਭ ਤੋਂ ਪਹਿਲਾਂ ਚੋਣਾਂ ਜਿੱਤਣਾ ਅਹਿਮ ਹੈ ਅਤੇ ਬਾਕੀ ਚੀਜ਼ਾਂ ਦਾ ਫ਼ੈਸਲਾ ਬਾਅਦ ਵਿੱਚ ਕੀਤਾ ਜਾ ਸਕਦਾ ਹੈ। ਸੂਤਰਾਂ ਨੇ ਦੱਸਿਆ ਕਿ ਇਸ ਮੁੱਦੇ ‘ਤੇ ਕੋਈ ਆਖਰੀ ਫ਼ੈਸਲਾ ਨਹੀਂ ਲਿਆ ਜਾ ਸਕਿਆ। ਐੱਮਡੀਐੱਮਕੇ ਦੇ ਆਗੂ ਵਾਇਕੋ ਨੇ ਕਿਹਾ ਕਿ ਮੀਟਿੰਗ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਗੱਠਜੋੜ ਵੱਲੋਂ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਦਲਿਤ ਚਿਹਰੇ ਦੇ ਤੌਰ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਾਮ ਦੀ ਵਕਾਲਤ ਕੀਤੀ ਸੀ।

 

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …