Breaking News
Home / ਪੰਜਾਬ / ਨਵਜੋਤ ਸਿੱਧੂ ਤੇ ਪ੍ਰਤਾਪ ਬਾਜਵਾ ਵਿਚਾਲੇ ਸ਼ਬਦੀ ਜੰਗ ਭਖੀ

ਨਵਜੋਤ ਸਿੱਧੂ ਤੇ ਪ੍ਰਤਾਪ ਬਾਜਵਾ ਵਿਚਾਲੇ ਸ਼ਬਦੀ ਜੰਗ ਭਖੀ

ਕਈ ਕਾਂਗਰਸੀ ਸਿੱਧੂ ਅਤੇ ਕਈ ਬਾਜਵਾ ਦੇ ਹੱਕ ਵਿਚ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਿੱਚ ਦਿਨੋ-ਦਿਨ ਵਧ ਰਹੀ ਖ਼ਾਨਾਜੰਗੀ ਰੁਕਣ ਦਾ ਨਾਮ ਨਹੀਂ ਲੈ ਰਹੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਸੋਸ਼ਲ ਮੀਡੀਆ ‘ਤੇ ਚੱਲੀ ਗੱਲਬਾਤ ਨੂੰ ਕਈ ਕਾਂਗਰਸੀ ਵਿਧਾਇਕਾਂ ਨੇ ਚਰਚਾ ਵਿੱਚ ਲਿਆਂਦਾ ਹੈ। ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਰਾਜਿੰਦਰ ਸਿੰਘ ਸਮਾਣਾ, ਮਹੇਸ਼ਇੰਦਰ ਸਿੰਘ, ਰਾਮਿੰਦਰ ਆਮਲਾ, ਜਗਦੇਵ ਸਿੰਘ ਕਮਾਲੂ, ਹਲਕਾ ਇੰਚਾਰਜ ਗੁਰੂਹਰਸਹਾਏ ਵਿਜੈ ਕਾਲੜਾ, ਹਲਕਾ ਇੰਚਾਰਜ ਬਠਿੰਡਾ (ਦਿਹਾਤੀ) ਹਰਵਿੰਦਰ ਸਿੰਘ ਲਾਡੀ ਅਤੇ ਹੋਰ ਸੀਨੀਅਰ ਆਗੂਆਂ ਤੇ ਵਰਕਰ ਨਵਜੋਤ ਸਿੱਧੂ ਦੇ ਹੱਕ ਵਿੱਚ ਆ ਗਏ ਹਨ।
ਇਨ੍ਹਾਂ ਆਗੂਆਂ ਨੇ ਸੋਸ਼ਲ ਮੀਡੀਆ ‘ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਸਵਾਲਾਂ ਦੀ ਝੜੀ ਲਗਾ ਦਿੱਤੀ ਹੈ। ਸਵਾਲ ਪੁੱਛਣ ਵਾਲਿਆਂ ਵਿੱਚ ਸਾਬਕਾ ਮੰਤਰੀ ਲਾਲ ਸਿੰਘ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਕਾਕਾ ਰਾਜਿੰਦਰ ਸਿੰਘ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਨਵਜੋਤ ਸਿੱਧੂ ਵੱਲੋਂ ਕੀਤੀ ਗਈ ਇੱਕ ਰੈਲੀ ਸਬੰਧੀ ਕਿਹਾ ਸੀ ਕਿ ਉਹ ਵੱਖਰੀਆਂ ਰੈਲੀਆਂ ਕਰਨ ਦੀ ਬਜਾਏ ਸਾਂਝੇ ਮੰਚ ‘ਤੇ ਆਉਣ। ਬਾਜਵਾ ਨੇ ਇਹ ਵੀ ਕਿਹਾ ਸੀ ਕਿ ਸਿੱਧੂ ਦੀ ਪ੍ਰਧਾਨਗੀ ਹੇਠ ਕਾਂਗਰਸ 78 ਵਿਧਾਇਕਾਂ ਤੋਂ 18 ‘ਤੇ ਸਿਮਟ ਗਈ ਹੈ। ਹੁਣ ਸਿੱਧੂ ਦਾ ਫ਼ਰਜ਼ ਬਣਦਾ ਹੈ ਕਿ ਉਹ ਪਾਰਟੀ ਨਾਲ ਚੱਲਣ।
ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਨਵਜੋਤ ਸਿੱਧੂ ਨੇ ਕਈ ਸਵਾਲ ਖੜ੍ਹੇ ਕੀਤੇ ਹਨ।
ਉਨ੍ਹਾਂ ਬਾਜਵਾ ਨੂੰ ਪੁੱਛਿਆ, ”ਤੁਸੀਂ ਇੰਡੀਆ ਗੱਠਜੋੜ ਦੀ ਸਿਆਸਤ ਨੂੰ ਨਕਾਰੋ ਤੇ ਬੋਲੋ ਕਿ ਅਸੀਂ ਕਾਂਗਰਸ ਹਾਈਕਮਾਂਡ ਵੱਲੋਂ ਇਸ ਗੱਠਜੋੜ ਦੇ ਸਿਆਸੀ ਫ਼ੈਸਲਿਆਂ ਨੂੰ ਲਾਗੂ ਨਹੀਂ ਕਰਾਂਗੇ ਤਾਂ ਇਹ ਵੱਖਰਾ ਅਖਾੜਾ ਨਹੀਂ ਹੈ? ਪਰ ਜੇ ਕੋਈ ਹੋਰ ਇਹ ਆਖੇ ਕਿ ਹਾਈਕਮਾਂਡ ਨਾਲ ਖੜ੍ਹਾਂਗਾ ਅਤੇ ਪੰਜਾਬ ਲਈ ਲੜਾਂਗਾ ਤਾਂ ਇਹ ਵੱਖਰਾ ਅਖਾੜਾ ਕਿਵੇਂ ਹੋ ਗਿਆ?” ਸਿੱਧੂ ਦੀ ਹਮਾਇਤ ਵਿੱਚ ਆਏ ਸਾਬਕਾ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਨੇ ਕਿਹਾ, ”ਅਸੀਂ ਪੁੱਛਣਾ ਚਾਹੁੰਦੇ ਹਾਂ ਕਿ ਨਾ ਸਾਨੂੰ ਅਤੇ ਨਾ ਹੀ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਸਮਾਗਮਾਂ ਵਿੱਚ ਸੱਦਿਆ ਜਾਂਦਾ ਹੈ ਅਤੇ ਜੇ ਅਸੀਂ ਕਾਂਗਰਸ ਦੀ ਬਿਹਤਰੀ ਲਈ ਪਾਰਟੀ ਵਰਕਰਾਂ ਦੇ ਸੱਦੇ ‘ਤੇ ਰੈਲੀ ਰੱਖ ਕੇ ਅੱਠ ਹਜ਼ਾਰ ਤੋਂ ਵੱਧ ਦਾ ਇਕੱਠ ਕੀਤਾ ਤਾਂ ਸਾਡਾ ਹੌਸਲਾ ਵਧਾਉਣ ਦੀ ਬਜਾਏ ਸਾਨੂੰ ਮਾੜਾ ਕਿਹਾ ਜਾ ਰਿਹਾ ਹੈ।” ਉਨ੍ਹਾਂ ਕਿਹਾ, ”ਨਵਜੋਤ ਸਿੱਧੂ ਨਾਲ ਨੇੜਤਾ ਕਰ ਕੇ ਸਾਡੇ ਨਾਲ ਪਾਰਟੀ ਵਿੱਚ ਪੱਖਪਾਤ ਕਿਉਂ ਕੀਤਾ ਜਾ ਰਿਹਾ ਹੈ।”
ਨਵਜੋਤ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਉਠਣ ਲੱਗੀ ਮੰਗ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਫਿਰ ਐਕਸ਼ਨ ਵਿਚ ਆ ਗਏ ਹਨ। ਨਵਜੋਤ ਸਿੱਧੂ ਦੇ ਐਕਸ਼ਨ ਵਿਚ ਆਉਣ ਤੋਂ ਬਾਅਦ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਕਾਂਗਰਸ ਵਿਚ ਨਵਜੋਤ ਸਿੱਧੂ ਦੇ ਵਿਰੋਧੀਆਂ ਨੇ ਉਨ੍ਹਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਤੱਕ ਰੱਖ ਦਿੱਤੀ ਹੈ। ਦੱਸਣਯੋਗ ਹੈ ਕਿ ਨਵਜੋਤ ਸਿੱਧੂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਦੇ ਉਲਟ ਚੱਲ ਪਏ ਸਨ। ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਪ੍ਰਤਾਪ ਸਿੰਘ ਬਾਜਵਾ ਨਾਲ ਉਲਝ ਪਏ ਹਨ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਰਾਜਨੀਤਕ ਮਾਮਲਿਆਂ ਨਾਲ ਨਿਪਟਣ ਵਿਚ ਨਵਜੋਤ ਸਿੱਧੂ ਦੀ ਅਨੁਸ਼ਾਸਨਹੀਣਤਾ ਆਮ ਤੌਰ ‘ਤੇ ਕਾਂਗਰਸ ਦੇ ਸਮੂਹਿਕ ਯਤਨਾਂ ਦੇ ਖਿਲਾਫ ਜਾਂਦੀ ਹੈ। ਇਸਦੇ ਚੱਲਦਿਆਂ ਕਈ ਕਾਂਗਰਸੀ ਆਗੂਆਂ ਨੇ ਕਹਿ ਦਿੱਤਾ ਹੈ ਕਿ ਕਾਂਗਰਸ ਹਾਈਕਮਾਨ ਨੂੰ ਨਵਜੋਤ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨੀ ਚਾਹੀਦੀ ਹੈ।

 

Check Also

ਪੰਜਾਬ ’ਚ ਕਿਸਾਨਾਂ ਵਲੋਂ ਟੋਲ ਪਲਾਜ਼ੇ ਬੰਦ ਕਰਨ ਦਾ ਮਾਮਲਾ ਹਾਈਕੋਰਟ ਪੁੱਜਾ

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ-ਜਲੰਧਰ ਹਾਈਵੇ ’ਤੇ ਬਣੇ ਸਭ …