ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਜਟਾਣਾ ਉੱਚਾ ਵਿੱਚ ਰਾਜਪਾਲ ਨੇ ਕੀਤਾ ਸੰਬੋਧਨ
ਖਮਾਣੋਂ/ਬਿਊਰੋ ਨਿਊਜ਼ : ਕਸਬਾ ਖਮਾਣੋਂ ਦੇ ਨੇੜਲੇ ਪਿੰਡ ਜਟਾਣਾ ਉੱਚਾ ਵਿੱਚ ਪਹੁੰਚੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਨਸ਼ੇ ਤੋਂ ਬਚਾਇਆ ਜਾਵੇ ਅਤੇ ਇਸ ਬਾਰੇ ਹਰ ਨਾਗਰਿਕ ਨੂੰ ਸੁਚੇਤ ਹੋਣਾ ਪਵੇਗਾ।
ਇਸ ਮੌਕੇ ਵਿਕਸਤ ਭਾਰਤ ਵਿੱਚ ਸਹਿਯੋਗ ਦੇਣ ਲਈ ਲੋਕਾਂ ਵੱਲੋਂ ਸੰਕਲਪ ਵੀ ਲਿਆ ਗਿਆ।
ਪੁਰੋਹਿਤ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਹਰ ਨਾਗਰਿਕ ਨੂੰ ਜਾਗਰੂਕ ਹੋਣਾ ਜ਼ਰੂਰੀ ਹੈ ਅਤੇ ਹੁਣ ਇਹ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਸਮਾਜ ਨੂੰ ਯੋਜਨਾਵਾਂ ਬਾਰੇ ਜਾਗਰੂਕ ਕਰੀਏ। ਜਦੋਂ ਸਮਾਜ ਦਾ ਹਰ ਨਾਗਰਿਕ ਜਾਗਰੂਕ ਹੋਵੇਗਾ ਉਦੋਂ ਹੀ ਦੇਸ਼ ਵਿਕਸਤ ਹੋ ਕੇ ਵਿਸ਼ਵ ਗੁਰੂ ਬਣੇਗਾ। ਇਸੇ ਮੰਤਵ ਦੀ ਪ੍ਰਾਪਤੀ ਲਈ ਵਿਕਸਤ ਭਾਰਤ ਸੰਕਲਪ ਯਾਤਰਾ ਵੱਖ-ਵੱਖ ਥਾਵਾਂ ‘ਤੇ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦੇ ਲਾਭ ਅਤੇ ਜਾਗਰੂਕਤਾ ਨਾਲ ਮਹਿਲਾਵਾਂ ਖੁਦ ਦਾ ਬਹੁਤ ਵੱਡਾ ਕਾਰੋਬਾਰ ਸ਼ੁਰੂ ਕਰ ਸਕਦੀਆਂ ਹਨ। ਉਨ੍ਹਾਂ ‘ਲਿੱਜਤ’ ਪਾਪੜ ਦੀ ਉਦਾਹਰਣ ਦਿੰਦਿਆਂ ਔਰਤਾਂ ਨੂੰ ਉਤਸ਼ਾਹਿਤ ਕੀਤਾ ਕਿ ਇਹ ਪਾਪੜ ਬਣਾਉਣ ਦੀ ਸ਼ੁਰੂਆਤ ਸਿਰਫ ਪੰਜ ਔਰਤਾਂ ਵੱਲੋਂ ਕੀਤੀ ਗਈ ਸੀ ਜਿਸ ਦਾ ਨਾਮ ਅੱਜ ਹਰ ਕੋਈ ਜਾਣਦਾ ਹੈ।
ਇਸ ਮੌਕੇ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾਏ ਗਏ। ਇਸ ਦੌਰਾਨ ਵਾਤਾਵਰਨ ਦੀ ਸੰਭਾਲ ਲਈ ਇੱਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਖ਼ਾਸ ਤੌਰ ‘ਤੇ ਡਿਜ਼ਾਈਨ ਕੀਤੀਆਂ ਗਈਆਂ ਆਈਈਸੀ (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਰਾਹੀਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਇਨ੍ਹਾਂ ਸਕੀਮਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਏਡੀਸੀ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਏਡੀਸੀ (ਜਨਰਲ) ਈਸ਼ਾ ਸਿੰਗਲ ਮੌਜੂਦ ਸਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …