ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੇਲ੍ਹ ’ਚ ਹੀ ਮਨਾਉਣਗੇ ਨਵਾਂ ਸਾਲ
ਸਿਸੋਦੀਆ ਦੀ ਨਿਆਂਇਕ ਹਿਰਾਸਤ 19 ਜਨਵਰੀ ਤੱਕ ਵਧੀ
ਨਵੀਂ ਦਿੱਲੀ/ਬਿਊਰੋ ਨਿਊਜ਼ :
ਦਿੱਲੀ ਸ਼ਰਾਬ ਨੀਤੀ ਘੋਟਾਲੇ ਦੇ ਆਰੋਪੀ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਵਾਂ ਸਾਲ ਜੇਲ੍ਹ ਅੰਦਰ ਹੀ ਮਨਾਉਣਗੇ। ਕਿਉਂਕਿ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 19 ਜਨਵਰੀ ਤੱਕ ਵਧਾ ਦਿੱਤੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ’ਚ ਸਿਸੋਦੀਆ ਦੇ ਸੀਬੀਆਈ ਨਾਲ ਜੁੜੇ ਮਾਮਲੇ ’ਤੇ ਅੱਜ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਧਿਆਨ ਰਹੇ ਕਿ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 22 ਦਸੰਬਰ ਨੂੰ ਖਤਮ ਹੋ ਰਹੀ ਸੀ, ਜਿਸ ਨੂੰ ਅਦਾਲਤ ਨੇ ਸੁਣਵਾਈ ਤੋਂ ਬਾਅਦ 19 ਜਨਵਰੀ ਤੱਕ ਵਧਾ ਦਿੱਤਾ। ਕੋਰਟ ਨੇ ਸਿਸੋਦੀਆ ਦੇ ਵਕੀਲ ਨੂੰ 15 ਦਸੰਬਰ ਤੱਕ ਮਾਮਲੇ ਨਾਲ ਸਬੰਧਤ ਸਾਰੇ ਡਾਕੂਮੈਂਟਸ ਦੀ ਜਾਂਚ ਕਰਨ ਦਾ ਸਮਾਂ ਦਿੱਤਾ ਸੀ। ਈਡੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਵੀ ਮਨੀਸ਼ ਸਿਸੋਦੀਆ 10 ਜਨਵਰੀ ਤੱਕ ਨਿਆਂਇਕ ਹਿਰਾਸਤ ਵਿਚ ਹਨ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 11 ਦਸੰਬਰ ਨੂੰ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਧਾਈ ਸੀ। ਜ਼ਿਕਰਸੋਗ ਹੈ ਕਿ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ 26 ਫਰਵਰੀ 2023 ਨੂੰ ਗਿ੍ਰਫ਼ਤਾਰ ਕੀਤਾ ਸੀ ਅਤੇ ਇਸ ਤੋਂ ਬਾਅਦ ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਨੇ ਉਨ੍ਹਾਂ ਨੂੰ 9 ਮਾਰਚ 2023 ਨੂੰ ਗਿ੍ਰਫ਼ਤਾਰ ਕੀਤਾ ਸੀ।