ਪੰਜਾਬ ਦੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਵਧਦੀ ਠੰਢ ਅਤੇ ਪੈ ਰਹੀ ਸੰਘਣੀ ਧੁੰਦ ਦੇ ਚਲਦਿਆਂ ਪੰਜਾਬ ਸਰਕਾਰ ਨੇ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬ ’ਚ ਲਗਾਤਾਰ ਵਧ ਰਹੀ ਠੰਢ ਅਤੇ ਪੈ ਰਹੀ ਸੰਘਣੀ ਧੁੰਦ ਨੂੰ ਧਿਆਨ ਵਿਚ ਰੱਖਦੇ ਹੋਏ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ’ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਾਰੇ ਸਕੂਲਾਂ ’ਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਰਹਿਣਗੀਆਂ। ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਇਸ ਸਬੰਧੀ ਸਾਰੇ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਵਿਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ ਜਦਕਿ ਛੇ ਹਜ਼ਾਰ ਦੇ ਲਗਭਗ ਨਿੱਜੀ ਸਕੂਲ ਹਨ ਅਤੇ ਇਨ੍ਹਾਂ ਸਕੂਲਾਂ ਵਿਚ 40 ਲੱਖ ਤੋਂ ਜ਼ਿਆਦਾ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਤਿੰਨ ਦਸੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਸੀ। ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਸਵੇਰੇ ਸਾਢੇ ਨੌਂ ਵਜੇ ਤੋਂ ਦੁਪਹਿਰ ਸਾਢੇ ਤਿੰਨ ਵਜੇ ਤੱਕ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਫੈਸਲਾ ਲਿਆ ਸੀ।