ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ
ਕਿਹਾ : ਚੋਣ ਪ੍ਰਚਾਰ ਦੌਰਾਨ ਅੰਗਹੀਣਾਂ ਵਿਅਕਤੀਆਂ ਲਈ ਅਪਮਾਨ ਜਨਕ ਸ਼ਬਦਾਂ ਦੀ ਵਰਤੋਂ ਨਾ ਕੀਤੀ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼ :
2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਦੇ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ। ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀ ਨੂੰ ਚੋਣ ਪ੍ਰਚਾਰ ਦੌਰਾਨ ਅੰਗਹੀਣ ਵਿਅਕਤੀਆਂ ਲਈ ਅਪਮਾਨ ਜਨਕ ਸ਼ਬਦਾਂ ਦੀ ਵਰਤੋਂ ਨਾ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਅੰਗਹੀਣ ਵਿਅਕਤੀਆਂ ਲਈ ਗੂੰਗਾ, ਪਾਗਲ, ਸਿਰ ਫਿਰਿਆ, ਅੰਨ੍ਹਾ, ਕਾਣਾ, ਬਹਿਰਾ ਅਤੇ ਲੰਗੜਾ ਵਰਗੇ ਸ਼ਬਦਾਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨਜ਼ ਦੀ ਉਲੰਘਣਾ ਕੀਤੀ ਗਈ ਤਾਂ ਅੰਗਹੀਣ ਅਧਿਕਾਰ ਐਕਟ 2016 ਦੇ ਸੈਕਸ਼ਨ 92 ਦੇ ਤਹਿਤ 5 ਸਾਲ ਦੀ ਸਜ਼ਾ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਪਿਛਲੇ ਕੁਝ ਸਮੇਂ ਤੋਂ ਅੰਗਹੀਣ ਵਿਅਕਤੀਆਂ ਦਾ ਵੋਟ ਪ੍ਰਤੀਸ਼ਤ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਚੋਣ ਕਮਿਸ਼ਨ ਵੱਲੋਂ ਕਰਨਾਟਕ ਵਿਧਾਨ ਸਭਾ ਚੋਣਾਂ 2023 ਦੌਰਾਨ ਅੰਗਹੀਣ ਵਿਅਕਤੀਆਂ ਦੇ ਲਈ ਖਾਸ ਸਹੂਲਤ ਵੀ ਸ਼ੁਰੂ ਕੀਤੀ ਗਈ ਸੀ। ਜਿਸ ਦੌਰਾਨ 40 ਫੀਸਦੀ ਤੋਂ ਵੱਧ ਅੰਗਹੀਣ ਵਿਅਕਤੀ ਆਪਣੇ ਘਰ ਤੋਂ ਹੀ ਵੋਟ ਦਾ ਇਸਤੇਮਾਲ ਕਰ ਸਕਦੇ ਸਨ ਅਤੇ ਇਕ ਫਾਰਮ ਭਰਨਾ ਹੁੰਦਾ ਹੈ। ਇਸ ਤੋਂ ਬਾਅਦ ਸਰਕਾਰੀ ਕਰਮਚਾਰੀ ਵੋਟਿੰਗ ਦੇ ਲਈ ਅੰਗਹੀਣ ਵਿਅਕਤੀ ਦੇ ਘਰ ਪਹੁੰਚਦੇ ਹਨ। ਹਾਲ ਹੀ ’ਚ ਪੰਜ ਰਾਜਾਂ ਦੀਆਂ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਅੰਗਹੀਣ ਵਿਅਕਤੀਆਂ ਨੂੰ ਇਹ ਸਹੂਲਤ ਦਿੱਤੀ ਗਈ ਸੀ।