
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਦੇਵੇਂਦਰ ਯਾਦਵ ਨੂੰ ਬਣਾ ਦਿੱਤਾ ਗਿਆ ਹੈ। ਦੇਵੇਂਦਰ ਯਾਦਵ ਦੀ ਨਿਯੁਕਤੀ ਇਸ ਤੋਂ ਪਹਿਲੇ ਇੰਚਾਰਜ ਹਰੀਸ਼ ਚੌਧਰੀ ਦੀ ਜਗ੍ਹਾ ਹੋਈ ਹੈ। ਪੰਜਾਬ ਕਾਂਗਰਸ ਦਾ ਇੰਚਾਰਜ ਬਦਲਣ ਤੋਂ ਬਾਅਦ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਐਕਟਿਵ ਹੋ ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਆਪਣੀ ਕਿਸੇ ਵੀ ਗੱਲ ’ਤੇ ਖਰੇ ਨਹੀਂ ਉਤਰੇ। ਨਵਜੋਤ ਸਿੱਧੂ ਨੇ ਕਿਹਾ ਕਿ ‘ਆਪ’ ਆਗੂ ਤਾਂ ਖੁਦ ਹੀ ਸ਼ਰਾਬ ਦੀ ਚੋਰੀ ਦੇ ਮਾਮਲਿਆਂ ਵਿਚ ਘਿਰੇ ਹੋਏ ਹਨ ਅਤੇ ਇਸ ਤੋਂ ਮਾੜੀ ਗੱਲ ਕੀ ਹੋ ਸਕਦੀ ਹੈ। ਲੋਕ ਸਭਾ ਚੋਣਾਂ ਸਬੰਧੀ ਗੱਲ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਚੋਣਾਂ ਭਾਰਤ ਦਾ ਪ੍ਰਧਾਨ ਮੰਤਰੀ ਚੁਣਨ ਲਈ ਹੋਣੀਆਂ ਹਨ ਅਤੇ ਇਹ ਲੋਕਾਂ ਨੂੰ ਸਮਝ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਧਰਮ ਦੇ ਨਾਮ ’ਤੇ ਵੰਡਿਆ ਨਹੀਂ ਜਾ ਸਕਦਾ। ਧਿਆਨ ਰਹੇ ਕਿ ਪਿਛਲੇ ਦਿਨੀਂ ਕੁਝ ਕਾਂਗਰਸੀ ਆਗੂਆਂ ਨੇ ਨਵਜੋਤ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਕਾਂਗਰਸ ਹਾਈਕਮਾਨ ਕੋਲੋਂ ਮੰਗ ਵੀ ਕੀਤੀ ਸੀ।