ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਅਮਿਤ ਸ਼ਾਹ ਨੇ ਟਵੀਟ ਕਰਕੇ ਕੀਤਾ ਪ੍ਰਣਾਮ
ਕਿਹਾ : ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਹਮੇਸ਼ਾ ਰੱਖਿਆ ਜਾਵੇਗਾ ਯਾਦ
ਨਵੀਂ ਦਿੱਲੀ/ਬਿਊਰੋ ਨਿਊਜ਼ :
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ‘ਵੀਰ ਬਾਲ ਦਿਵਸ’ ਮੌਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਟਵੀਟ ਕਰਕੇ ਪ੍ਰਣਾਮ ਕੀਤਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਨਵੀਂ ਦਿੱਲੀ ’ਚ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮਾਂ ਵਿਚ ਸ਼ਿਰਕਤ ਕੀਤੀ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰੋਂ ਸਾਹਿਬਜ਼ਾਦਿਆਂ ਦੀ ਵੀਰਤਾ ਅਤੇ ਸਾਹਸ ਹਰ ਭਾਰਤੀ ਨੂੰ ਤਾਕਤ ਦਿੰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਦੇਸ਼ ਨੇ ਪਹਿਲੀ ਵਾਰ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਤੌਰ ’ਤੇ ਮਨਾਇਆ ਸੀ। ਉਦੋਂ ਪੂਰੇ ਦੇਸ਼ ’ਚ ਸਾਰਿਆਂ ਨੇ ਇਕ ਮਨ ਅਤੇ ਇਕ ਚਿੱਤ ਨਾਲ ਸਾਹਿਬਜ਼ਾਦਿਆਂ ਦੀਆਂ ਵੀਰ ਗਾਥਾਵਾਂ ਨੂੰ ਸੁਣਿਆ ਸੀ।