ਕਾਂਗਰਸ ਹਾਈ ਕਮਾਂਡ ਨਾਲ ਮੀਟਿੰਗ ਤੋਂ ਪਹਿਲਾਂ ਬੋਲੇ ਰਾਜਾ ਵੜਿੰਗ
ਕਿਹਾ : ਅਨੁਸ਼ਾਸਨ ਤੋੜਨ ਵਾਲਿਆਂ ਨੂੰ ਪਾਰਟੀ ਅੰਦਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼ :
ਦਿੱਲੀ ਵਿਚ ਕਾਂਗਰਸ ਹਾਈ ਕਮਾਂਡ ਦੀ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨਵਜੋਤ ਸਿੰਘ ਸਿੱਧੂ ਦਾ ਨਾਮ ਲਏ ਬਿਨਾ ਹੀ ਉਨ੍ਹਾਂ ’ਤੇ ਸਿਆਸੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਅਨੁਸ਼ਾਸਨ ਤੋੜਨ ਵਾਲਿਆਂ ਨੂੰ ਪਾਰਟੀ ਅੰਦਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਨਿਆ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਆਗੂਆਂ ਦਰਮਿਆਨ ਤਾਲਮੇਲ ਦੀ ਕੁਝ ਘਾਟ ਰਹੀ, ਜਿਸ ਦੇ ਚਲਦਿਆਂ ਪਾਰਟੀ ਨੂੰ ਚੋਣਾਂ ਦੌਰਾਨ ਨੁਕਸਾਨ ਉਠਾਉਣਾ ਪਿਆ। ਰਾਜਾ ਵੜਿੰਗ ਨੇ ਕਿਹਾ ਕਿ ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ਸਬੰਧੀ ਰਣਨੀਤੀ ਬਣਾਈ ਜਾਵੇਗੀ। ਜਦਕਿ ਉਨ੍ਹਾਂ ਸਾਫ਼ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ‘ਇੰਡੀਆ ਗੱਠਜੋੜ’ ਤਹਿਤ ਆਮ ਆਦਮੀ ਪਾਰਟੀ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਸਬੰਧੀ ਫਿਲਹਾਲ ਉਨ੍ਹਾਂ ਨੂੰ ਕੁੱਝ ਨਹੀਂ ਕਿਹਾ। ਪ੍ਰੰਤ ਉਹ ਪਾਰਟੀ ਹਾਈ ਕਮਾਂਡ ਅੱਗੇ ਪੰਜਾਬ ਦੇ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਦੀ ਰਾਏ ਜ਼ਰੂਰ ਰੱਖਣਗੇ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ 34 ਸੀਨੀਅਰ ਆਗੂ ਹਿੱਸਾ ਲੈਣਗੇ।