ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇਕ ਵਾਰ ਫਿਰ ਤੋਂ ਪੰਜਾਬ ਨਾਲ ਵਿਤਕਰਾ ਕਰਦੇ ਹੋਏ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿਚੋਂ ਪੰਜਾਬ ਦੀ ਝਾਕੀ ਨੂੰ ਕੱਢ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਈਵ ਹੋ ਕੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਮੌਕੇ ਲੱਖਾਂ ਦੀ ਗਿਣਤੀ ’ਚ ਲੋਕ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨਮਨ ਕਰਦੇ ਹਨ ਪ੍ਰੰਤੂ ਇਸ ਲਾਸਾਨੀ ਕੁਰਬਾਨੀ ਵਾਲੇ ਦਿਨ ਕੇਂਦਰ ਸਰਕਾਰ ਨੇ ਪੰਜਾਬ ਨਾਲ ਬਹੁਤ ਵੱਡਾ ਵਿਤਕਰਾ ਕੀਤਾ ਹੈ ਅਤੇ ਦਿੱਲੀ ਵਿਖੇ 26 ਜਨਵਰੀ ਨੂੰ ਹੋਣ ਵਾਲੇ ਸਮਾਰੋਹ ’ਚੋਂ ਪੰਜਾਬ ਦੀ ਝਾਕੀ ਨੂੰ ਕੱਢ ਦਿੱਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅਸੀਂ ਅਗਸਤ ਮਹੀਨੇ ਕੇਂਦਰ ਨੂੰ ਪੱਤਰ ਭੇਜ ਕੇ ਸਾਲ 2024, 25 ਅਤੇ 26 ਲਈ ਝਾਕੀਆਂ ਕੱਢਣ ਦੀ ਇੱਛਾ ਪ੍ਰਗਟਾਈ ਸੀ। ਅਸੀਂ ਪੰਜਾਬ ਦੀਆਂ ਕੁਰਬਾਨੀਆਂ, ਸ਼ਹਾਦਤਾਂ ਦਾ ਇਤਿਹਾਸ ਅਤੇ ਮਾਈ ਭਾਗੋ ਨਾਲ ਸਬੰਧਤ 3 ਝਾਕੀਆਂ ਡਿਜ਼ਾਇਨ ਸਮੇਤ ਕੇਂਦਰ ਨੂੰ ਭੇਜੀਆਂ ਸਨ ਜਿਨ੍ਹਾਂ ਨੂੰ ਕੇਂਦਰ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਤਰ੍ਹਾਂ ਕਰਕੇ ਸਾਡੇ ਵਿਰਸੇ ਅਤੇ ਕੁਰਬਾਨੀਆਂ ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਉਨ੍ਹਾਂ ਕੇਂਦਰ ’ਤੇ ਵਰ੍ਹਦਿਆਂ ਕਿਹਾ ਕਿ ਜੇਕਰ ਕੇਂਦਰ ਦਾ ਵਸ ਚੱਲੇ ਤਾਂ ਉਹ ਜਨ-ਗਨ-ਮਨ ’ਚੋਂ ਵੀ ਪੰਜਾਬ ਦਾ ਨਾਂ ਕੱਢ ਦੇਵੇ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰਿਜੈਕਟ ਕੀਤੀਆਂ ਗਈਆਂ ਤਿੰਨੋਂ ਝਾਕੀਆਂ ਨੂੰ 26 ਜਨਵਰੀ ਮੌਕੇ ਪੰਜਾਬ ’ਚ ਹੋਣ ਵਾਲੇ ਸਮਾਗਮ ਦੌਰਾਨ ਪੇਸ਼ ਕੀਤਾ ਜਾਵੇਗਾ ਅਤੇ ਇਨ੍ਹਾਂ ’ਤੇ ਲਿਖਿਆ ਜਾਵੇਗਾ ‘ਰਿਜੈਕਟ ਬਾਏ ਸੈਂਟਰ’।