Breaking News
Home / ਹਫ਼ਤਾਵਾਰੀ ਫੇਰੀ / ਤਿੰਨ ਰੋਜ਼ਾ ਸ਼ਹੀਦੀ ਸਭਾ ਨਗਰ ਕੀਰਤਨ ਦੇ ਨਾਲ ਹੋਈ ਸੰਪੰਨ

ਤਿੰਨ ਰੋਜ਼ਾ ਸ਼ਹੀਦੀ ਸਭਾ ਨਗਰ ਕੀਰਤਨ ਦੇ ਨਾਲ ਹੋਈ ਸੰਪੰਨ

ਸ੍ਰੀ ਫਤਿਹਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੀ। ਤਿੰਨ ਦਿਨ ਚੱਲੀ ਸ਼ਹੀਦੀ ਸਭਾ ਦੌਰਾਨ ਦੇਸ਼ ਅਤੇ ਵਿਦੇਸ਼ਾਂ ਵਿਚੋਂ ਪਹੁੰਚੀ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ। ਵੀਰਵਾਰ ਨੂੰ ਸ਼ਹੀਦੀ ਸਭਾ ਦੇ ਅਖਰੀਲੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਵੀ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਵੱਖ-ਵੱਖ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ ਅਤੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਨੇ ਵੀ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦਾ ਸੰਗਤ ਤੇ ਸਭਾ-ਸੁਸਾਇਟੀਆਂ ਵੱਲੋਂ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਜਗ੍ਹਾ-ਜਗ੍ਹਾ ਲੰਗਰ ਵੀ ਲਗਾਏ ਗਏ ਸਨ। ਸ਼ਹੀਦੀ ਸਭਾ ਦੇ ਦੂਜੇ ਦਿਨ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੀਰਵਾਰ ਨੂੰ ਸਭਾ ਦੇ ਅਖੀਰਲੇ ਦਿਨ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ।

 

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …