ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੋਵੇਂ ਰਾਜਾਂ ਦੇ ਸਿੰਚਾਈ ਅਧਿਕਾਰੀਆਂ ਦੀ ਵੀਰਵਾਰ ਨੂੰ ਚੰਡੀਗੜ੍ਹ ਵਿਚ ਤੀਜੀ ਮੀਟਿੰਗ ਹੋਈ ਹੈ ਅਤੇ ਇਹ ਮੀਟਿੰਗ ਵੀ ਬਿਨਾ ਕਿਸੇ ਨਤੀਜੇ ਤੋਂ ਸੰਪਨ ਹੋ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤੀ। ਕਰੀਬ ਸਵਾ ਘੰਟੇ ਤੱਕ ਚੱਲੀ ਮੀਟਿੰਗ ਦੌਰਾਨ ਦੋਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟਰ ਆਪੋ-ਆਪਣੇ ਸਟੈਂਡ ‘ਤੇ ਕਾਇਮ ਰਹੇ। ਮੀਟਿੰਗ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਅਸੀਂ ਆਪਣੇ ਪੁਰਾਣੇ ਸਟੈਂਡ ‘ਤੇ ਕਾਇਮ ਹਾਂ। ਸਾਡੇ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਮਾਨ ਨੇ ਕਿਹਾ ਕਿ ਪੰਜਾਬ ਦਾ 70 ਫੀਸਦੀ ਖੇਤਰ ਡਾਰਕ ਜ਼ੋਨ ‘ਚ ਚਲਾ ਗਿਆ ਹੈ। ਮੁੱਖ ਮੰਤਰੀ ਨੇ ਉਦਾਹਰਨ ਦਿੰਦਿਆਂ ਦੱਸਿਆ ਕਿ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਨੂੰ ਬਾਹਰ ਕੱਢਣ ਲਈ ਜਿੰਨੀ ਸਮਰੱਥਾ ਦੀ ਮੋਟਰ ਦਾ ਇਸਤੇਮਾਲ ਹੁੰਦਾ ਹੈ, ਦੁਬਈ ਵਿਚ ਏਨੀ ਸਮਰੱਥਾ ਵਾਲੀ ਮੋਟਰ ਨਾਲ ਤੇਲ ਕੱਢਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ।