-19.8 C
Toronto
Saturday, January 24, 2026
spot_img
Homeਪੰਜਾਬਉਗਰਾਹਾਂ ਵੱਲੋਂ 'ਖੇਤੀ ਨੀਤੀ' 21 ਜਨਵਰੀ ਤੱਕ ਐਲਾਨਣ ਦਾ ਅਲਟੀਮੇਟਮ

ਉਗਰਾਹਾਂ ਵੱਲੋਂ ‘ਖੇਤੀ ਨੀਤੀ’ 21 ਜਨਵਰੀ ਤੱਕ ਐਲਾਨਣ ਦਾ ਅਲਟੀਮੇਟਮ

ਸਰਕਾਰ ਖ਼ਿਲਾਫ਼ 22 ਜਨਵਰੀ ਤੋਂ ਡੀਸੀ ਦਫ਼ਤਰਾਂ ਅੱਗੇ ਪੰਜ ਰੋਜ਼ਾ ਧਰਨੇ ਦੇਣ ਦੀ ਚਿਤਾਵਨੀ
ਬਠਿੰਡਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤਾ ਵਾਅਦਾ ਚੇਤੇ ਕਰਾਉਂਦਿਆਂ ਪੰਜਾਬ ਲਈ ਨਵੀਂ ‘ਕਿਸਾਨ ਪੱਖੀ ਖੇਤੀ ਨੀਤੀ’ 21 ਜਨਵਰੀ ਤੱਕ ਐਲਾਨਣ ਲਈ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ 21 ਜਨਵਰੀ ਤੱਕ ਨੀਤੀ ਜਾਰੀ ਨਾ ਕੀਤੀ ਗਈ ਤਾਂ ਪੰਜਾਬ ਸਰਕਾਰ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਨ੍ਹਾਂ ਐਲਾਨ ਕੀਤਾ ਕਿ ਨੀਤੀ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ 22 ਜਨਵਰੀ ਤੋਂ ਡੀਸੀ ਦਫ਼ਤਰਾਂ ਅੱਗੇ ਪੰਜ ਰੋਜ਼ਾ ਧਰਨੇ ਸ਼ੁਰੂ ਕੀਤੇ ਜਾਣਗੇ।
ਉਗਰਾਹਾਂ ਨੇ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਵਿਚਾਰ ਤੋਂ ਬਾਅਦ ਬਠਿੰਡਾ ‘ਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਫੈਸਲਾਕੁਨ ਮੰਗਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਖੇਤੀ ਨੀਤੀ ਐਲਾਨਣ ਲਈ ਕਹਿਣ ਪਿੱਛੇ ਜਥੇਬੰਦੀ ਦਾ ਉਦੇਸ਼ ਇਹ ਹੈ ਕਿ ਖੇਤੀ ਮਸਲੇ ਹੱਲ ਹੋ ਸਕਣ ਤੇ ਖੇਤੀ ਖੇਤਰ ਨੂੰ ਸੰਸਾਰ ਵਪਾਰ ਜਥੇਬੰਦੀ, ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜੇ ‘ਚੋਂ ਮੁਕਤ ਕਰਵਾਇਆ ਜਾ ਸਕੇ। ਉਨ੍ਹਾਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਬੇਜ਼ਮੀਨੇ, ਗਰੀਬ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਜ਼ਮੀਨ ਦੀ ਤੋਟ ਪੂਰੀ ਕਰਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਸਸਤੇ ਸਰਕਾਰੀ ਖੇਤੀ ਕਰਜ਼ਿਆਂ ਦਾ ਪ੍ਰਬੰਧ ਕਰਨ, ਕਿਸਾਨ ਪੱਖੀ ਕਰਜ਼ਾ ਕਾਨੂੰਨ ਬਣਾਉਣ, ਸੂਦਖੋਰੀ ਦਾ ਖਾਤਮਾ ਕਰਨ ਤੇ ਕਿਸਾਨਾਂ, ਮਜ਼ਦੂਰਾਂ ਦੇ ਕਰਜ਼ਿਆਂ ‘ਤੇ ਲੀਕ ਮਾਰਨ ਦੀ ਗੱਲ ਵੀ ਕਹੀ।
ਬੀਕੇਯੂ ਪ੍ਰਧਾਨ ਉਗਰਾਹਾਂ ਨੇ ਹੋਰ ਮੰਗਾਂ ਬਾਰੇ ਦੱਸਿਆ ਕਿ ਨਹਿਰੀ ਪਾਣੀ ਹਰੇਕ ਖੇਤ ਤੱਕ ਪੁੱਜਦਾ ਕੀਤਾ ਜਾਵੇ। ਪਾਣੀ ਨੂੰ ਪਲੀਤ ਕਰਨ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਮੁੜ ਵਧਾਉਣ ਲਈ ਵਿਗਿਆਨਕ ਢਾਂਚਾ ਉਸਾਰਿਆ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਖੇਤੀ ਕਿੱਤਾ ਛੱਡ ਚੁੱਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਲਈ ਲਾਹੇਵੰਦ ਰੁਜ਼ਗਾਰ ਯਕੀਨੀ ਬਣਾਇਆ ਜਾਵੇ ਅਤੇ ਬਾਕੀ ਬੱਚਦੇ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਉਨ੍ਹਾਂ ਕਿਸਾਨ ਪੱਖੀ ਖੇਤੀ ਨੀਤੀਆਂ ਲਾਗੂ ਕਰਨ ਲਈ ਚੰਗੀ ਪੂੰਜੀ ਜੁਟਾਉਣ ਲਈ ਜਗੀਰਦਾਰਾਂ, ਸੂਦਖੋਰਾਂ ਅਤੇ ਕਾਰਪੋਰੇਟਾਂ ‘ਤੇ ਸਿੱਧੇ ਅਤੇ ਮੋਟੇ ਟੈਕਸ ਲਾਉਣ ਦੀ ਨੀਤੀ ਤਿਆਰ ਕਰਨ ਦੀ ਸਲਾਹ ਵੀ ਦਿੱਤੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਆਦਿ ਵੀ ਹਾਜ਼ਰ ਸਨ।

 

RELATED ARTICLES
POPULAR POSTS