7.7 C
Toronto
Sunday, October 26, 2025
spot_img
Homeਪੰਜਾਬਧੰਨਵਾਦੀ ਸਮਾਗਮ ਨਾਲ ਸਮਾਪਤ ਹੋਇਆ ਬੇਅਦਬੀ ਸਬੰਧੀ ਇਨਸਾਫ ਮੋਰਚਾ

ਧੰਨਵਾਦੀ ਸਮਾਗਮ ਨਾਲ ਸਮਾਪਤ ਹੋਇਆ ਬੇਅਦਬੀ ਸਬੰਧੀ ਇਨਸਾਫ ਮੋਰਚਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਕਰਕੇ ਕੀਤੀ ਸਮਾਪਤੀ
ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਵਿਚ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਕੌਮੀ ਮਾਰਗ ‘ਤੇ ਪਿਛਲੇ ਦੋ ਸਾਲ ਤੋਂ ਚੱਲ ਰਿਹਾ ਬੇਅਦਬੀ ਸਬੰਧੀ ਇਨਸਾਫ਼ ਮੋਰਚਾ ਸਮਾਪਤ ਕਰ ਦਿੱਤਾ ਗਿਆ ਹੈ। ਬਹਿਬਲ ਕਲਾਂ ਦੀ ਅਨਾਜ ਮੰਡੀ ਵਿੱਚ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਧੰਨਵਾਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਕੀਤੀ ਗਈ ਅਤੇ ਮੋਰਚੇ ਦੀ ਅਗਲੀ ਲੜਾਈ ਅਦਾਲਤ ਵਿੱਚ ਕਾਨੂੰਨੀ ਚਾਰਾਜੋਈ ਨਾਲ ਲੜੇ ਜਾਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਅੰਮ੍ਰਿਤਸਰ ਦੱਖਣੀ ਤੋਂ ‘ਆਪ’ ਵਿਧਾਇਕ ਇੰਦਰਜੀਤ ਸਿੰਘ ਨਿੱਜਰ ਸ਼ਾਮਲ ਹੋਏ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮਾਂ ਵੱਲੋਂ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਦੀ ਪੜਤਾਲ ਮੁਕੰਮਲ ਕਰ ਲਈ ਗਈ ਹੈ ਅਤੇ ਸਾਰੇ ਚਲਾਨ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ। ਇਨ੍ਹਾਂ ਕੇਸਾਂ ਦੀ ਪੈਰਵੀ ਲਈ ਪੰਜਾਬ ਸਰਕਾਰ ਸਭ ਤੋਂ ਵਧੀਆ ਵਕੀਲ ਮੁਹੱਈਆ ਕਰਵਾਏਗੀ। ਇਹ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਰਕੇ ਉਹ ਇਸ ਬਾਰੇ ਜ਼ਿਆਦਾ ਨਹੀਂ ਬੋਲਣਗੇ। ਜ਼ਿਕਰਯੋਗ ਹੈ ਕਿ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਬਾਅਦ ਰੋਸ ਪ੍ਰਗਟ ਕਰ ਰਹੀ ਸਿੱਖ ਸੰਗਤਾਂ ‘ਤੇ ਚੱਲੀਆਂ ਗੋਲੀਆਂ ਦੌਰਾਨ ਬਹਿਬਲ ਕਲਾਂ ਦੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਸਰਾਵਾਂ ਦੇ ਗੁਰਜੀਤ ਸਿੰਘ ਦੀ ਜਾਨ ਚਲੇ ਗਈ ਸੀ। ਮਰਹੂਮ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਵੱਲੋਂ ਦੋ ਸਾਲ ਪਹਿਲਾਂ ਘਟਨਾ ਵਾਲੀ ਥਾਂ ‘ਤੇ ਇਨਸਾਫ ਮੋਰਚਾ ਸ਼ੁਰੂ ਕੀਤਾ ਗਿਆ ਸੀ। ਮੋਰਚੇ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਸੀ। ਸੁਖਰਾਜ ਸਿੰਘ ਨੇ ਆਖਿਆ ਕਿ ਪਿਛਲੇ ਲੰਬੇ ਸਮੇਂ ਤੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦਾ ਟਰਾਇਲ ਕੋਰਟ ਵਿੱਚ ਨਹੀਂ ਚੱਲ ਰਿਹਾ ਸੀ ਜਿਸ ਕਰਕੇ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਆਸ ਮੱਧਮ ਪੈਂਦੀ ਦਿਖਾਈ ਦੇ ਰਹੀ ਸੀ। ਪਿਛਲੇ ਦਿਨੀਂ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਸਬੰਧੀ ਬਣੀ ਵਿਸ਼ੇਸ਼ ਜਾਂਚ ਟੀਮ ਵੱਲੋਂ ਅਦਾਲਤ ਵਿੱਚ ਇਸ ਮਾਮਲੇ ਸਬੰਧੀ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਗਈ ਸੀ ਅਤੇ ਅਦਾਲਤ ਵੱਲੋਂ ਹੁਣ ਇਸ ਮਾਮਲੇ ਦੀ ਸੁਣਵਾਈ ਜਨਵਰੀ ਮਹੀਨੇ ‘ਤੇ ਪਾ ਦਿੱਤੀ ਗਈ ਹੈ। ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ਨਾਲ ਇਨਸਾਫ਼ ਮੋਰਚੇ ਦੀ ਮੰਗ ਪ੍ਰਵਾਨ ਚੜ੍ਹ ਗਈ ਹੈ।

 

RELATED ARTICLES
POPULAR POSTS