ਅੰਮਿ੍ਰਤ ਵੇਲੇ ਤੋਂ ਹੀ ਸੰਗਤ ਦੀਆਂ ਲੱਗ ਗਈਆਂ ਸਨ ਲੰਮੀਆਂ-ਲੰਮੀਆਂ ਕਤਾਰਾਂ
ਅੰਮਿ੍ਰਤਸਰ/ਬਿਊਰੋ ਨਿਊਜ਼
ਅੱਜ ਨਵੇਂ ਸਾਲ 2024 ਦੀ ਆਮਦ ’ਤੇ ਵੱਡੀ ਗਿਣਤੀ ’ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਣ ਲਈ ਪਹੁੰਚੀ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਅੰਮਿ੍ਰਤ ਵੇਲੇ ਤੋਂ ਹੀ ਸੰਗਤਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ ਸਨ। ਲੰਘੀ 31 ਦਸੰਬਰ ਦੀ ਰਾਤ ਤੋਂ ਹੀ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਪਹੰੁਚਣੀਆਂ ਸ਼ੁਰੂ ਹੋ ਗਈਆਂ ਸਨ। ਇਸ ਮੌਕੇ ਸੰਗਤ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਜੀਵਨ ਸਫਲਾ ਵੀ ਕੀਤਾ। ਇਸੇ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵੇਂ ਸਾਲ ਦੇ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸਵੇਰੇ 1:30 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸੇ ਤਰ੍ਹਾਂ ਪੰਜਾਬ, ਚੰਡੀਗੜ੍ਹ ਤੇ ਦੇਸ਼ ਭਰ ਦੇ ਹੋਰ ਧਾਰਮਿਕ ਅਸਥਾਨਾਂ ’ਤੇ ਵੀ ਨਵੇਂ ਸਾਲ ਮੌਕੇ ਸੰਗਤ ਨੇ ਮੱਥਾ ਟੇਕ ਕੇ ਆਪਣੇ ਕੰਮਾਂ-ਕਾਰਾਂ ਦੀ ਸ਼ੁਰੂਆਤ ਕੀਤੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਾਰੇ ਦੇਸ਼ ਵਾਸੀਆਂ ਨੂੰ ਨਵਾਂ ਸਾਲ 2024 ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਹਨ।