Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਯਾਤਰਾ ’ਤੇ ਚੁੱਕੇ ਸਵਾਲ 

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਯਾਤਰਾ ’ਤੇ ਚੁੱਕੇ ਸਵਾਲ 

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਯਾਤਰਾ ’ਤੇ ਚੁੱਕੇ ਸਵਾਲ

ਕਿਹਾ : ਯਾਤਰਾ ਦਾ ਅਸਲ ਨਾਂ ‘ਅਕਾਲੀ ਦਲ ਤੋਂ ਪੰਜਾਬ ਬਚਾਅ ਲਓ ਯਾਤਰਾ’ ਹੋਣਾ ਚਾਹੀਦਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢੀ ਜਾਣ ਵਾਲੀ ਯਾਤਰਾ ਬਾਰੇ ਕਿਹਾ ਕਿ ਅਕਾਲੀਆਂ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ ਨੂੰ ਲੁੱਟਿਆ ਹੈ, ਜਿਸ ਕਰਕੇ ਇਸ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾਅ ਲਓ ਯਾਤਰਾ’ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ 15 ਸਾਲਾਂ ਦੇ ਹਨੇਰਗਰਦੀ ਅਤੇ ਬਦਅਮਨੀ ਵਾਲੇ ਸ਼ਾਸਨ ਦੌਰਾਨ ਸੂਬੇ ਦੇ ਵਸੀਲਿਆਂ ਉਤੇ ਡਾਕਾ ਮਾਰਿਆ ਅਤੇ ਪੰਜਾਬੀਆਂ ਦੇ ਦਿਲਾਂ ਨੂੰ ਡੂੰਘੇ ਜ਼ਖ਼ਮ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੁਣ ਹਾਸ਼ੀਏ ਉਤੇ ਪਹੁੰਚ ਚੁੱਕੀ ਹੈ ਅਤੇ ਸੂਬੇ ਵਿੱਚ ਲੰਮਾ ਸਮਾਂ ਸੱਤਾ ਵਿੱਚ ਰਹਿਣ ਤੋਂ ਬਾਅਦ ਅੱਜ ਸਿਰਫ਼ ਤਿੰਨ ਸੀਟਾਂ ਤੱਕ ਰਹਿ ਗਈ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਹਰੇ ਕਿਰਦਾਰ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ, ਜਿਸ ਕਰਕੇ ਯਾਤਰਾ ਵਰਗੇ ਡਰਾਮੇ ਹੁਣ ਕੰਮ ਨਹੀਂ ਆਉਣੇ। ਮਾਨ ਨੇ ਅਕਾਲੀਆਂ ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਦੇ ਲੰਮੇ ਕੁਸ਼ਾਸਨ ਦੌਰਾਨ ਪੰਜਾਬ ਹਰੇਕ ਖੇਤਰ ਵਿੱਚ ਪੱਛੜਦਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਪ੍ਰਸਤਾਵਿਤ ਯਾਤਰਾ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਮੀਡੀਆ ਵਿੱਚ ਸੁਰਖੀਆਂ ਲੈਣ ਤੋਂ ਵੱਧ ਹੋਰ ਕੁਝ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਦੇ ਲੋਕ ਵਿਰੋਧੀ ਕਿਰਦਾਰ ਤੋਂ ਭਲੀ ਭਾਂਤ ਜਾਣੂ ਹਨ ਜਿਸ ਕਰਕੇ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਵਲੋੋਂ ਪਹਿਲੀ ਫਰਵਰੀ ਤੋਂ ‘ਪੰਜਾਬ ਬਚਾਓ ਯਾਤਰਾ’ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਯਾਤਰਾ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ। ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸੀ ਕਿ ਇਸ ਯਾਤਰਾ ਦਾ ਮਕਸਦ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਹਰ ਮੁਹਾਜ਼ ’ਤੇ ਫੇਲ੍ਹ ਹੋਣ ਨੂੰ ਬੇਨਕਾਬ ਕਰਨਾ ਹੈ।

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …